ਹੁਸ਼ਿਆਰਪੁਰ, 25 ਜੂਨ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਮੂਹ ਅਹੁਦੇਦਾਰ ਤੇ ਵਰਕਰ ਸਹੀ ਢੰਗ ਨਾਲ ਟੀਮ ਵਰਕ ਕਰ ਰਹੇ ਹਨ, ਜਿਸ ਦੇ ਚੱਲਦਿਆਂ ਹਰੇਕ ਵਾਰਡ ‘ਚੋਂ ਪਾਰਟੀ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰੇਕ ਵਰਕਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ, ਜਿਸ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਲਈ ਪਿੜ ਬੰਨ੍ਹਣਗੇ ਅਤੇ ਪਾਰਟੀ ਇਹ ਚੋਣਾਂ ਜਿੱਤ ਕੇ ਸੂਬੇ ‘ਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸਰਕਾਰ ਬਣਾਏਗੀ। ਮੌਜੂਦਾ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਨੂੰ ਦੇਖਦਿਆਂ ਹੁਣ ਪਾਰਟੀ ਅਹੁਦੇਦਾਰਾਂ ਨੂੰ ਵਿਕਾਸ ਕਾਰਜ ਯਾਦ ਆ ਰਹੇ ਹਨ ਅਤੇ ਲੋਕਾਂ ਨੂੰ ਫਿਰ ਝੂਠੇ ਸਬਜ਼ਬਾਗ ਦਿਖਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਲੂੰਬੜ ਚਾਲਾਂ ‘ਚ ਨਹੀਂ ਆਉਣਗੇ ਅਤੇ ਨਾ ਹੀ ਇਨ੍ਹਾਂ ਦੇ ਉਮੀਦਵਾਰਾਂ ਨੂੰ ਮੂੰਹ ਲਗਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਰੁਝਾਨ ਸੂਬੇ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਵੱਲ ਖੁਦ-ਬ-ਖੁਦ ਵਧਿਆ ਹੈ, ਜਿਸ ਦੇ ਸਾਰਥਿਕ ਨਤੀਜੇ ਇਨ੍ਹਾਂ ਚੋਣਾਂ ‘ਚ ਸਾਹਮਣੇ ਆ ਜਾਣਗੇ।
ਨਗਰ ਨਿਗਮ ਚੋਣਾਂ ’ਚ ਪਾਰਟੀ ਦੇ ਸਾਰੇ ਉਮੀਦਵਾਰ ਵੱਡੀ ਜਿੱਤ ਦਰਜ ਕਰਨਗੇ-ਲਾਲੀ ਬਾਜਵਾ
ਅਜੀਤ ਡੈਸਕ
26-06-2026