ਹਾਜੀਪੁਰ, 2 ਜੁਲਾਈ (ਪੁਨੀਤ ਭਾਰਦਵਾਜ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਹਾਜੀਪੁਰ ਵਲੋਂ ਅੱਜ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੋਂ ਵਿਚ ਆਉਣ ਵਾਲੀ ਮਸ਼ੀਨਰੀ ਲਈ ਆਨਲਾਈਨ ਚੁਣੇ ਹੋਏ ਲਾਭਪਾਤਰੀ ਕਿਸਾਨਾਂ ਨੂੰ ਮਨਜ਼ੂਰੀ ਪੱਤਰ ਜਾਰੀ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ ਦੀ ਪ੍ਰਧਾਨਗੀ ਹੇਠ ਅਤੇ ਬਲਾਕ ਹਾਜੀਪੁਰ ਅਧੀਨ ਪਿੰਡਾਂ ਦੇ ਸਰਪੰਚਾਂ ਦੀ ਹਾਜ਼ਰੀ ਵਿਚ ਕਿਸਾਨਾਂ ਨੂੰ ਮਨਜ਼ੂਰੀ ਪੱਤਰ ਸੌਂਪੇ ਗਏ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਮੁਲਤਾਨੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਧੁਨਿਕ ਤਕਨੀਕਾਂ ਅਪਣਾਉਣ। ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਵਾਹ ਕੇ ਮਿੱਟੀ ਦੇ ਉਪਜਾਊ ਸ਼ਕਤੀ ਨੂੰ ਵਧਾਉਣ ਦਾ ਸੁਨੇਹਾ ਦਿੱਤਾ ਅਤੇ ਪਰਾਲੀ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਰਕੇ ਵਾਤਾਵਰਨ ਅਤੇ ਮਨੁੱਖੀ ਸਿਹਤ ਤੇ ਪੈਂਦੇ ਮਾੜੇ ਪ੍ਰਭਾਵ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਖੇਤੀਬਾੜੀ ਵਿਕਾਸ ਅਫ਼ਸਰ ਸ਼ਵਿੰਦਰ ਸਿੰਘ ਨੇ ਵਿਭਾਗ ਦੀਆਂ ਵੱਖ-ਵੱਖ ਚੱਲ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮਨਜ਼ੂਰੀ ਪੱਤਰ ਪਾਰਦਰਸ਼ੀ ਤਰੀਕੇ ਨਾਲ ਯੋਗ ਕਿਸਾਨਾਂ ਨੂੰ ਦਿੱਤੇ ਗਏ ਹਨ ਤਾਂ ਜੋ ਉਹ ਸਮੇਂ ਸਿਰ ਨਵੀਂ ਤਕਨਾਲੋਜੀ ਦੀ ਵਰਤੋਂ ਕਰ ਸਕਣ। ਖੇਤੀਬਾੜੀ ਵਿਕਾਸ ਅਫ਼ਸਰ ਗਗਨਦੀਪ ਕੌਰ ਬੈਂਸ ਵਲੋਂ ਮਿੱਟੀ ਦੀ ਪਰਖ ਦੀ ਮਹੱਤਤਾ ਅਤੇ ਖਾਦਾਂ ਦੀ ਬੇਲੋੜੀ ਵਰਤੋਂ ਦੇ ਮਾੜੇ ਪ੍ਰਭਾਵ ਸੰਬੰਧੀ ਦੱਸਿਆ ਗਿਆ। ਖੇਤੀਬਾੜੀ ਵਿਸਥਾਰ ਅਫ਼ਸਰ ਗੁਰਦੇਵ ਸਿੰਘ ਵਲੋਂ ਝੋਨੇ ਦੀ ਫ਼ਸਲ ਦੀ ਕਾਸ਼ਤ ਸੰਬੰਧੀ ਤਕਨੀਕੀ ਨੁਕਤੇ ਅਤੇ ਫ਼ਸਲਾਂ ਦੀਆਂ ਬਿਮਾਰੀਆਂ ਤੇ ਕੀੜੇ-ਮਕੌੜਿਆਂ ਦੇ ਹਮਲੇ ਦੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਪੰਜਢੇਰ ਗ਼ਾਜ਼ੀ ਪਿੰਡ ਦੇ ਸਰਪੰਚ ਸੁਰਿੰਦਰ ਸਿੰਘ ਅਤੇ ਪੰਧੇਰ ਰਈਆ ਪਿੰਡ ਦੇ ਸਰਪੰਚ ਦਲਬੀਰ ਸਿੰਘ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਪ੍ਰੋਫੈਸਰ ਮੁਲਤਾਨੀ ਅਤੇ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਚਾਇਤ ਵੱਲੋਂ ਸਰਕਾਰੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਵਿਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਮਾਸਟਰ ਸੇਵਾ ਸਿੰਘ ਮੁਕੇਰੀਆਂ, ਸੁਖਦੇਵ ਸਿੰਘ ਪਿੰਡ ਬਰਿਆਣਾ, ਸੁੱਚਾ ਸਿੰਘ ਐੱਸ.ਡੀ.ਓ, ਪਰਮਜੀਤ ਸਿੰਘ ਪਿੰਡ ਸਿੰਘਪੁਰ ਜੱਟਾਂ ਅਤੇ ਵੱਡੀ ਗਿਣਤੀ ਵਿਚ ਸਥਾਨਕ ਕਿਸਾਨ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।