ਹੁਸ਼ਿਆਰਪੁਰ, 2 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ 5 ਜੁਲਾਈ ਨੂੰ ਸੰਤ ਸਮਾਜ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਇਕੱਤਰਤਾ ਜਿਸ ਵਿਚ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰਨਾਂ ਵੱਖ-ਵੱਖ ਮੁਦਿੱਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿਚ ਸੰਬੰਧ ਪੰਥਕ ਤਾਲਮੇਲ ਕਮੇਟੀ ਦੇ ਮੈਂਬਰ ਗੁਰਦੁਆਰਾ ਹਰੀਸਰ ਡੇਰਾ ਮੰਨਣਹਾਨਾ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੁਖ ਸੇਵਾਦਾਰ ਸੰਤ ਅਮਰੀਕ ਸਿੰਘ, ਸੰਤ ਜਸਪਾਲ ਸਿੰਘ (ਨੈਕੀ ਵਾਲੇ) ਤੇ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਪ੍ਰਮੁੱਖ ਸ਼ਖ਼ਸੀਅਤਾਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਜਤਿੰਦਰ ਸਿੰਘ ਲਾਲੀ ਬਾਜਵਾ, ਇਕਬਾਲ ਸਿੰਘ ਖੇੜਾ, ਹਰਮਿੰਦਰ ਸਿੰਘ ਸੰਧੂ ਦਾ ਸੰਤਾਂ ਵਲੋਂ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਹੁੰਦਾ ਹੈ ਕਿ ਉਹ ਸੂੁਬੇ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾ ਕੇ ਰੱਖਣ ਤਾਂ ਜੋ ਲੋਕ ਸ਼ਾਂਤਮਈ ਜੀਵਨ ਬਸਰ ਕਰ ਸਕਣ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਸ਼੍ਰ੍ਰੋਮਣੀ ਕਮੇਟੀ ਅਤੇ ਸਿੱਖ ਮਾਮਲਿਆਂ ’ਚ ਬੇਲੋੜੀ ਦਖਲਅੰਦਾਜ਼ੀ ਕਰ ਰਹੀ ਹੈ, ਜਿਸ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬੇਅਦਬੀ ਸੰਬੰਧੀ ਬਣਾਏ ਗਏ ਕਾਨੂੰਨ ’ਤੇ ਵੀ ਸਿੱਖ ਬੁਧੀਜੀਵੀਆਂ ਅਤੇ ਸੰਗਤਾਂ ਨੂੰ ਇਤਰਾਜ਼ ਹੈ, ਜਿਸਦੇ ਚੱਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਤਲਬ ਕਰਕੇ ਸਰਕਾਰ ਨੂੰ ਕਾਨੂੰਨ ’ਚ ਸੋਧ ਕਰਨ ਲਈ 1 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਸਰਕਾਰ ਇਸ ਹੁਕਮ ਨੂੰ ਨਹੀਂ ਮਨਦੀ ਤਾਂ ਉਸਨੂੰ ਸਿੱਖ ਸੰਗਤਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਬਾਬਾ ਮਨਜੀਤ ਸਿੰਘ, ਜਰਨੈਲ ਸਿੰਘ ਖਾਲਸਾ ਨਡਾਲੋਂ, ਪਰਮਜੀਤ ਸਿੰਘ ਰਕੱੜ , ਜੁਪਿੰਦਰ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।