ਹੁਸ਼ਿਆਰਪੁਰ, 4 ਜੁਲਾਈ (ਨਰਿੰਦਰ ਸਿੰਘ ਬੱਡਲਾ)-ਅੱਜ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਹੋਣ ਵਾਲੀਆਂ ਚੋਣਾਂ ਦੇ ਸੰਬੰਧ ’ਚ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ’ਤੇ ਡੀ.ਐੱਸ.ਪੀ.ਸਿਟੀ ਦੀ ਅਗਵਾਈ ’ਚ ਪੁਲਿਸ ਵਲੋਂ ਸ਼ਹਿਰ ’ਚ ਫਲੈਗ ਮਾਰਚ ਕੱਢਿਆ ਗਿਆ ਜੋ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਪੁਲਿਸ ਲਾਈਨ ਵਿਖੇ ਸਮਾਪਤ ਹੋਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਫਲੈਗ ਮਾਰਚ ਕੱਢਣ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਨੂੰ ਪੂਰਨ ਸੁਰੱਖਿਆ ਦਾ ਅਹਿਸਾਸ ਦੁਆਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਵੱਖ-ਵੱਖ ਚੌਕਾਂ ਅਤੇ ਸ਼ਹਿਰ ਨਾਲ ਜੁੜਨ ਵਾਲੇ ਰਸਤਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜਗ੍ਹਾ ’ਤੇ ਪੁਲਿਸ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਕਿਸੇ ਕਿਸਮ ਦੀ ਹੁੱਲੜਬਾਜ਼ੀ ਜਾਂ ਕਾਨੂੰਨ ਨੂੰ ਤੋੜਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੇਧੜਕ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਤੇ ਕਿਸੇ ਵੀ ਡਰ ਜਾਂ ਲਾਲਚ ’ਚ ਨਾ ਆਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਜੇਕਰ ਫਿਰ ਵੀ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੁਲਿਸ ਨੇ ਸ਼ਹਿਰ ’ਚ ਫਲੈਗ ਮਾਰਚ ਕੱਢਿਆ
ਅਜੀਤ ਡੈਸਕ
05-07-2026