ਹੁਸ਼ਿਆਰਪੁਰ, 4 ਜੁਲਾਈ (ਨਰਿੰਦਰ ਸਿੰਘ ਬੱਡਲਾ)- ਨਗਰ ਨਿਗਮ ਚੋਣਾਂ ਤੋਂ ਇੱਕ ਦਿਨ ਪਹਿਲਾਂ ਰਾਜਨੀਤਿਕ ਮਾਹੌਲ ’ਚ ਉਸ ਸਮੇਂ ਤਣਾਅ ਦੇਖਣ ਨੂੰ ਮਿਲਿਆ, ਜਦੋਂ ਭਾਰਤੀ ਜਨਤਾ ਪਾਰਟੀ ਦੀ ਵਾਰਡ ਨੰਬਰ 42 ਤੋਂ ਉਮੀਦਵਾਰ ਬਲਵਿੰਦਰ ਕੌਰ ਵੱਲੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਖ਼ਿਲਾਫ਼ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਕੌਰ ਨੇ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਪਿਛਲੇ ਕੁੱਝ ਦਿਨਾਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਾ ਪਤੀ ਧਿਆਨ ਚੰਦ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਸੀ ਸ਼ਹਿ ’ਤੇ ਥਾਣਾ ਮਾਡਲ ਟਾਊਨ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਤੀ ਸਮੇਤ ਪਰਿਵਾਰਕ ਮੈਂਬਰਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਟਿਕਟ ਦੇਣ ਦੀ ਗੱਲ ਕਹੀ ਗਈ ਸੀ ਪਰ ਕੁੱਝ ਕਾਰਨਾਂ ਕਰਕੇ ਟਿਕਟ ਨਹੀਂ ਦਿੱਤੀ ਗਈ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਪਰਿਵਾਰ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ। ਬਲਵਿੰਦਰ ਕੌਰ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਆਪਣੀ ਸੰਭਾਵਿਤ ਹਾਰ ਦੇ ਡਰ ਕਰਕੇ ਇਹ ਸਭ ਕਰਵਾ ਰਹੀ ਹੈ। ਇਸ ਸੰਬੰਧੀ ਜਦੋਂ ਧਿਆਨ ਚੰਦ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬਲਵਿੰਦਰ ਕੌਰ ਉਨ੍ਹਾਂ ਦੀ ਭਰਜਾਈ ਲਗਦੀ ਹੈ ਅਤੇ ਸ਼ਾਇਦ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਕੋਈ ਗ਼ਲਤ ਫਹਿਮੀ ਹੋ ਗਈ ਹੈ, ਜਿਸ ਕਾਰਨ ਉਹ ਅਜਿਹੇ ਦੋਸ਼ ਲਗਾ ਰਹੇ ਹਨ। ਉਸਨੇ ਕਿਹਾ ਕਿ ਉਹ ਸਾਫ ਸੁਥਰੀ ਰਾਜਨੀਤੀ ਤੇ ਲੋਕਤਾਂਤਰਿਕ ਪ੍ਰਣਾਲੀ ’ਚ ਵਿਸ਼ਵਾਸ਼ ਰਖਦੇ ਹਨ ਅਤੇ ਅਜਿਹੀ ਹੋਛੀ ਰਾਜਨੀਤੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।