ਘੋਗਰਾ, 4 ਜੁਲਾਈ (ਆਰ. ਐੱਸ. ਸਲਾਰੀਆ)- ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 15 ਅਗਸਤ ਨੂੰ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨੇ ਮਾਣ ਭੱਤਾ ਦੇਣ ਦਾ ਐਲਾਨ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੰਬਰਦਾਰ ਜਤਿੰਦਰ ਪਾਲ ਸਿੰਘ ਬਾਜਵਾ ਸਾਹੂ ਦਾ ਪਿੰਡ ਨੇ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੰਬਰਦਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਨੰਬਰਦਾਰਾਂ ਨੂੰ ਦਿੱਤਾ ਜਾ ਰਿਹਾ ਮਾਣ ਭੱਤਾ ਉਨ੍ਹਾਂ ਦੀਆਂ ਪ੍ਰਸ਼ਾਸਨ ਤੇ ਸਮਾਜਿਕ ਜਿੰਮੇਵਾਰੀਆਂ ਦੇ ਮੁਕਾਬਲੇ ਨਿਗੁਣਾ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਪਿੰਡ ਪੱਧਰ ’ਤੇ ਮਾਲ ਪੱਧਰ, ਪ੍ਰਸ਼ਾਸਨ ਅਤੇ ਸਰਕਾਰ ਨਾਲ ਜੁੜੇ ਕਈ ਮਹੱਤਵਪੂਰਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਲੋਕਾਂ ਤੇ ਪ੍ਰਸ਼ਾਸਨ ਵਿਚਕਾਰ ਇੱਕ ਅਹਿਮ ਕੜੀ ਵਜੋਂ ਸੇਵਾਵਾਂ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਮਾਲ ਵਿਭਾਗ ਦਾ ਸਾਰਾ ਰੈਵੀਨਿਊ ਵੀ ਨੰਬਰਦਾਰਾਂ ਵਲੋਂ ਇਕੱਠਾ ਕੀਤਾ ਜਾਂਦਾ ਹੈ, ਪਰ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਪੰਚਾਂ ਵਾਂਗ ਨੰਬਰਦਾਰਾਂ ਨੂੰ ਵੀ ਘੱਟੋ-ਘੱਟ 10 ਹਜਾਰ ਰੁਪਏ ਮਹੀਨਾ ਮਾਣ ਭੱਤਾ ਦਿੱਤਾ ਜਾਵੇ ਤਾਂ ਜੋ ਉਹ ਆਪਣੀਆਂ ਨੈਤਿਕ ਜਿੰਮੇਵਾਰੀਆਂ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣ।