ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਨਗਰ ਨਿਗਮ ਦੀਆਂ ਅੱਜ ਹੋਈਆਂ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਈ.ਵੀ.ਐਮ. ਰਾਹੀਂ ਵੋਟਾਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਕਰਵਾਉਣ ਲਈ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ 50 ਵਾਰਡਾਂ ਲਈ ਕੁੱਲ 139 ਬੂਥ ਬਣਾਏ ਗਏ ਸਨ ਅਤੇ ਕੁੱਲ 219 ਉਮੀਦਵਾਰ ਚੋਣ ਮੈਦਾਨ ‘ਚ ਸਨ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਲਈ ਜ਼ਿਲ੍ਹਾ ਪੁਲਿਸ ਵਲੋਂ ਨਿਰਧਾਰਿਤ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸਨ ਅਤੇ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਬੂਥਾਂ ‘ਤੇ ਵਾਧੂ ਫੋਰਸ ਤਾਇਨਾਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਸ਼ਾਮ 4 ਵਜੇ ਤੱਕ ਕੁੱਲ 58.99 ਫ਼ੀਸਦੀ ਵੋਟ ਪੋਲ ਹੋਈ।