ਮੁਕੇਰੀਆਂ, 10 ਜੁਲਾਈ (ਰਾਮਗੜ੍ਹੀਆ)- ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਕੌਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਵਿਚ ਆਈ ‘ਆਪ’ ਸਰਕਾਰ ਹਰ ਮੋਰਚੇ ’ਤੇ ਫ਼ੇਲ੍ਹ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਔਰਤਾਂ ਨੂੰ ਪ੍ਰਤੀ ਮਹੀਨਾ 1 ਹਜ਼ਾਰ ਰੁਪਏ, ਨੌਜਵਾਨਾਂ ਲਈ ਰੁਜ਼ਗਾਰ, ਨਸ਼ੇ ਦੇ ਖ਼ਾਤਮੇ ਅਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਵਾਅਦਾ ਕੀਤਾ ਸੀ ਪਰ ਅੱਜ ਪੰਜਾਬ ਦੀਆਂ ਭੈਣਾਂ, ਨੌਜਵਾਨ, ਕਿਸਾਨ ਅਤੇ ਕਰਮਚਾਰੀ ਸਾਰੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਵੱਧ ਰਿਹਾ ਹੈ, ਗੈਂਗਵਾਰਾਂ ਰੋਜ਼ਾਨਾ ਹੋ ਰਹੀਆਂ ਹਨ, ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ ਤੇ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਸਿਖਰ ’ਤੇ ਹੈ। ਕਿਸਾਨ, ਕਰਮਚਾਰੀ, ਵਪਾਰੀ ਤੇ ਔਰਤਾਂ ਲਗਾਤਾਰ ਸੜਕਾਂ ’ਤੇ ਉਤਰ ਰਹੀਆਂ ਹਨ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸਰਕਾਰ ਪ੍ਰਸ਼ਾਸਨ ਦੇ ਮਾਮਲੇ ਵਿਚ ਪੂਰੀ ਤਰ੍ਹਾਂ ਅਸਫਲ ਹੈ। ਉਨ੍ਹਾਂ ਕਿਹਾ 2027 ਦੀਆਂ ਵਿਧਾਨ ਸਭਾ ਚੋਣਾਂ ਹੁਣ ਨੇੜੇ ਆ ਰਹੀਆਂ ਹਨ ਜਨਤਾ ‘ਆਪ’ ਦੇ ਝੂਠੇ ਵਾਅਦਿਆਂ ਦਾ ਹਿਸਾਬ ਮੰਗੇਗੀ ਤੇ ਢੁਕਵਾਂ ਜਵਾਬ ਦੇਵੇਗੀ। ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਸੱਤਾ ਵਿਚ ਆਉਣ ’ਤੇ ਕਾਂਗਰਸ ਪਾਰਟੀ ਪੰਜਾਬ ਨੂੰ ਕਰਜ਼ੇ, ਨਸ਼ਿਆਂ ਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰੇਗੀ ਅਤੇ ਇਸ ਨੂੰ ਵਿਕਾਸ, ਚੰਗੇ ਸ਼ਾਸਨ ਅਤੇ ਸ਼ਾਂਤੀ ਦੇ ਰਾਹ ’ਤੇ ਲੈ ਜਾਵੇਗੀ।