ਟਾਂਡਾ ਉੜਮੁੜ, 13 ਜੁਲਾਈ (ਭਗਵਾਨ ਸਿੰਘ ਸੈਣੀ)- ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਸਿਰਫ਼ ਅਖ਼ਬਾਰਾਂ ਅਤੇ ਹੋਰ ਮਾਧਿਅਮਾਂ ਰਾਹੀਂ ਇਸ਼ਤਿਹਾਰ ਦੇ ਕੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਜਦਕਿ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਕੋਈ ਵਿਕਾਸ ਨਜ਼ਰ ਨਹੀਂ ਆ ਰਿਹਾ। ਗਿੱਲਜੀਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਦਿਖਾਉਣ ਵਾਲੀ ਸਰਕਾਰ ਨੇ ਅੱਜ ਪੰਜਾਬ ਨੂੰ ਅਜਿਹੀ ਸਥਿਤੀ ਵਿਚ ਪਹੁੰਚਾ ਦਿੱਤਾ ਹੈ ਕਿ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣਾ ਇੱਕ ਵੱਡੀ ਚੁਨੌਤੀ ਬਣ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਸਿਰ ’ਤੇ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ, ਜਿਸ ਦੀ ਭਰਪਾਈ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮੁਸ਼ਕਲ ਹੋਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਵਿਰੋਧੀ ਧਿਰ ਵਿਚ ਰਹਿੰਦਿਆਂ ਧਰਨਿਆਂ ਦਾ ਸਮਰਥਨ ਕੀਤਾ ਸੀ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਕਿਸੇ ਨੂੰ ਧਰਨਾ ਦੇਣ ਦੀ ਲੋੜ ਨਹੀਂ ਪਵੇਗੀ, ਉਹੀ ਸਰਕਾਰ ਅੱਜ ਹਰ ਵਰਗ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨ, ਕਿਸਾਨ, ਮੁਲਾਜ਼ਮ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੀਆਂ ਮਹਿਲਾਵਾਂ ਤੱਕ ਲਾਠੀਚਾਰਜ ਦਾ ਸਾਹਮਣਾ ਕਰ ਰਹੀਆਂ ਹਨ। ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਨੂੰ ਮੌਜੂਦਾ ਹਾਲਾਤ ਵਿਚੋਂ ਕੱਢਣ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਲੋਕ ਕਾਂਗਰਸ ਪਾਰਟੀ ਦਾ ਸਾਥ ਦੇਣ ਅਤੇ ਕਦਮ ਨਾਲ ਕਦਮ ਮਿਲਾ ਕੇ ਚੱਲਣ ਤਾਂ ਜੋ ਸੂਬੇ ਵਿਚ ਵਿਕਾਸ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਦਾ ਦੌਰ ਮੁੜ ਸਥਾਪਤ ਹੋ ਸਕੇ।
ਪੰਜਾਬ ਵਿਚ ਕਾਨੂੰਨ-ਵਿਵਸਥਾ ਠੱਪ, ਵਾਅਦਿਆਂ ਦੀ ਸਰਕਾਰ ਇਸ਼ਤਿਹਾਰਾਂ ਤੱਕ ਸੀਮਤ - ਸੰਗਤ ਸਿੰਘ ਗਿਲਜੀਆਂ
ਅਜੀਤ ਡੈਸਕ
14-07-2026