ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ)- ਪੰਜਾਬ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁਕੇਰੀਆਂ ਅਤੇ ਤਲਵਾੜਾ ਵਿਚ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਮੁਕੇਰੀਆਂ ਦੇ ਐਸ.ਪੀ.ਐਨ. ਕਾਲਜ ਮੈਦਾਨ ਅਤੇ 19 ਜੁਲਾਈ ਨੂੰ ਤਲਵਾੜਾ ਦੇ ਨਰਸਰੀ ਗਰਾਊਂਡ ਵਿਚ ਸ਼ਾਮ 6:30 ਵਜੇ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀਆਂ ਭਗਤੀਮਈ ਪੇਸ਼ਕਾਰੀਆਂ ਰਾਹੀਂ ਸ਼ਰਧਾਲੂਆਂ ਨੂੰ ਸ਼ਿਵ ਭਗਤੀ ਦੇ ਰੰਗ ਵਿਚ ਰੰਗਣਗੇ। ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨਾਲ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਦੱਸਿਆ ਕਿ ਇਸ ਖੇਤਰ ਵਿਚ ਪਹਿਲੀ ਵਾਰ ਇੰਨੇ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਰਧਾਲੂਆਂ ਦੀਆਂ ਸਹੂਲਤਾਂ ਤੇ ਸਮਾਗਮ ਦੀਆਂ ਸਾਰੀਆਂ ਵਿਵਸਥਾਵਾਂ ਵਿਚ ਪੂਰਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿਚ ਸ਼ਾਮਲ ਹੋਣਗੇ। ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਪੂਰੇ ਖੇਤਰ ਦੀ ਆਸਥਾ ਤੇ ਲੋਕ ਸਹਿਯੋਗ ਦਾ ਪ੍ਰਤੀਕ ਹੈ’। ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧਾਂ ਵਿਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਜਦਕਿ ਸਥਾਨਕ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਇਸ ਨੂੰ ਸਫਲ ਬਣਾਉਣ ਲਈ ਯਤਨਸ਼ੀਲ ਹਨ। ਇਸ ਮੌਕੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਮੁਕੇਰੀਆਂ ਜਯੋਤਸਨਾ, ਐਸ.ਡੀ.ਐਮ. ਦਸੂਹਾ ਕਨਵਲਜੀਤ ਸਿੰਘ, ਐਸ.ਪੀ. ਨਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਸੁਮਿਤ ਮੁਧ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ, ਅਧਿਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।