ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਲੋਂ 20 ਜੁਲਾਈ 2020 ਨੂੰ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਤਹਿਸੀਲ ਪੱਧਰ ‘ਤੇ ਕੀਤੀ ਗਈ ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਸਤੀਸ਼ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾਂ ਵਿਚ ਆਉਣ ਤੋਂ ਪਹਿਲਾਂ ਜਿਹੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਜੋ ਵਾਅਦੇ ਕੀਤੇ ਸੀ, ਉਨ੍ਹਾਂ ਨੂੰ ਪੂਰਾ ਕਰਨ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹੀ 17 ਜੁਲਾਈ 2020 ਨੂੰ ਪੰਜਾਬ ਸਰਕਾਰ ਵਲੋਂ ਨਵੇਂ ਭਰਤੀ ਮੁਲਾਜ਼ਮਾਂ ਤੇ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਗਿਆ ਸੀ ਪਰ ਸਿਰਫ਼ ਤਨਖ਼ਾਹ ਸਕੇਲ ਹੀ ਲਾਗੂ ਕੀਤੇ ਗਏ ਹਨ, ਜਦਕਿ ਕੇਂਦਰ ਦੇ ਮੁਲਾਜ਼ਮਾਂ ਨੂੰ ਮਿਲ ਰਹੇ ਭੱਤੇ ਅਤੇ ਹੋਰ ਸਹੂਲਤਾਂ ਵੀ ਲਾਗੂ ਕਰਨੀਆਂ ਬਣਦੀਆਂ ਸਨ। ਇਸ ਮੌਕੇ ਆਗੂਆਂ ਮਨਜੀਤ ਸੈਣੀ, ਬਹਾਦਰ ਸਿੰਘ ਅਨੀਰੁੱਧ ਮੋਦਗਿੱਲ, ਇੰਦਰਜੀਤ ਵਿਰਦੀ, ਉਂਕਾਰ ਸਿੰਘ, ਸੰਜੀਵ ਧੂਤ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਚਲਦਾ ਕਰਨ ਲਈ ਮੁਲਾਜ਼ਮ ਅਤੇ ਪੈਨਸ਼ਨਰ ਨਿਰਣਾਇਕ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਮੋਹਾਲੀ ਵਿਖੇ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਮਨਜੀਤ ਸਿੰਘ ਬਾਜਵਾ, ਬਲਵੀਰ ਸਿੰਘ ਸੈਣੀ, ਗੁਰਪ੍ਰੀਤ ਸਿੰਘ ਮਕੀਮਪੁਰ, ਬਲਵੀਰ ਸਿੰਘ, ਭੁਪਿੰਦਰ ਸਿੰਘ, ਓਮ ਸਿੰਘ ਸਠਿਆਣਾ, ਨੀਰਜ ਧੀਮਾਨ, ਰਵੀ ਦੱਤ, ਦੀਪਕ ਤ੍ਰੇਹਨ, ਪਰਦੁਮਣ ਸਿੰਘ ਖਰਾਲ, ਵਿਕਰਮਜੀਤ ਸਿੰਘ ਆਹਲੂਵਾਲੀਆ, ਪ੍ਰਿੰਸੀਪਲ ਹਰਵਿੰਦਰ ਸਿੰਘ, ਵਰਿਆਮ ਸਿੰਘ ਮਿਨਹਾਸ, ਪਰਮਜੀਤ ਸਿੰਘ ਕਾਲਕੱਟ, ਪਵਨ ਕੁਮਾਰ ਆਦਿ ਹਾਜ਼ਰ ਸਨ।