ਅੱਡਾ ਸਰਾਂ, 20 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਪਿੰਡ ਬੈਂਚ ਬਾਜਾ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਸਾਬਕਾ ਸਰਪੰਚ ਵਿਜੇ ਪਾਲ ਅਤੇ ਪੰਜਾਬ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਲੈਂਡ ਪੂਲਿੰਗ ਵਰਗੀਆਂ ਨੀਤੀਆਂ ਕਿਸਾਨਾਂ ਦੇ ਹਿਤਾਂ ਦੇ ਉਲਟ ਹਨ ਅਤੇ ਇਹ ਸੂਬੇ ਦੇ ਕਿਸਾਨਾਂ ਦੀ ਜ਼ਮੀਨ ਅਤੇ ਭਵਿੱਖ ਲਈ ਗੰਭੀਰ ਖ਼ਤਰਾ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਲੁੱਟ-ਖੋਹ, ਫਿਰੌਤੀ, ਚੋਰੀ ਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵੀ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਤੇ ਭਵਿੱਖ ਵਿਚ ਵੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਤੇ ਹਰ ਵਰਗ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਪੰਚ ਰਵੀਸਨ, ਤਰਲੋਕ ਸਿੰਘ, ਹਰਮੇਸ਼ ਬੱਸੀ, ਮਨਜੀਤ ਸਿੰਘ ਮਨੀ, ਮਹਿੰਗਾ ਸਿੰਘ, ਸੰਤੋਖ ਸਿੰਘ, ਮਨਜੀਤ ਕੌਰ, ਸੁਮਨ ਕਾਂਤਾ, ਰੀਨਾ ਰਾਣੀ, ਰਾਮ ਸਿੰਘ, ਗੁਰਦੀਪ ਸਿੰਘ, ਕੁਲਦੀਪ ਕੌਰ, ਤਰਲੋਚਨ ਸਿੰਘ, ਸਤਨਾਮ ਸਿੰਘ, ਸਿਮਰਨ ਸਿੰਘ, ਕਮਲਜੀਤ ਕੌਰ, ਬੰਦਨਾ, ਸੁਖਵਿੰਦਰ ਕੌਰ, ਸੁਰਿੰਦਰ ਕੌਰ, ਅਨਿਲ ਪਿੰਕਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।
ਸਰਕਾਰ ਨੇ ਪੰਜਾਬ ਨੂੰ ਕਰਜ਼ ’ਚ ਦੱਬਿਆ : ਸੰਗਤ ਸਿੰਘ ਗਿਲਜੀਆਂ
ਅਜੀਤ ਡੈਸਕ
21-07-2026