ਟਾਂਡਾ ਉੜਮੁੜ, 21 ਜੁਲਾਈ (ਭਗਵਾਨ ਸਿੰਘ ਸੈਣੀ)- ਭਾਰਤੀ ਜਨਤਾ ਪਾਰਟੀ ਦੀ ਇੱਕ ਵਿਸ਼ੇਸ਼ ਸੰਗਠਨਾਤਮਕ ਮੀਟਿੰਗ ਟਾਂਡਾ ਵਿਖੇ ਹੋਈ, ਜਿਸ ਵਿਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨ ਦੇ ਵਿਸਥਾਰ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿਚ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਯੋਗੇਸ਼ ਸਪਰਾ ਅਤੇ ਹਲਕਾ ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇਸ਼ ਦੇ ਹਰ ਖੇਤਰ ਵਿਚ ਬੁਨਿਆਦੀ ਢਾਂਚੇ, ਆਵਾਜਾਈ, ਉਦਯੋਗ, ਰੇਲਵੇ ਅਤੇ ਲੋਕ ਭਲਾਈ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਵਿਕਸਿਤ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿਚ ਹੋਰ ਵੱਡੀਆਂ ਪਹਿਲਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ ਤਾਂ ਜੋ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਹਰ ਘਰ ਤੱਕ ਜਾਣਕਾਰੀ ਪਹੁੰਚ ਸਕੇ। ਮੀਟਿੰਗ ਦੌਰਾਨ ਜਲੰਧਰ ਵਿਖੇ ਆਧੁਨਿਕ ਰੇਲਵੇ ਸਟੇਸ਼ਨ ਦੇ ਵਿਕਾਸ ਦਾ ਵੀ ਜ਼ਿਕਰ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਦੁਆਬਾ ਖੇਤਰ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਯਾਤਰੀਆਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਹੋ ਰਹੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਪ੍ਰਾਪਤ ਹੈ। ਇਸ ਮੌਕੇ ਆਗੂਆਂ ਨੇ ਭਾਰਤ–ਅਮਰੀਕਾ ਵਪਾਰਕ ਸਮਝੌਤੇ ਸਬੰਧੀ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਮਝੌਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਦੇ ਮੌਕੇ ਵਧਾਉਣ ਵਿਚ ਸਹਾਇਕ ਹੋ ਸਕਦੇ ਹਨ। ਉਨ੍ਹਾਂ ਦਿੱਲੀ ਵਿਚ ਹੋਈਆਂ ਯੂ.ਟੀ. ਨਾਲ ਸਬੰਧਿਤ ਪ੍ਰੀਖਿਆਵਾਂ ਦੇ ਮੁੱਦੇ ’ਤੇ ਵੀ ਪਾਰਟੀ ਦਾ ਪੱਖ ਰੱਖਿਆ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਅਤੇ ਸੰਗਠਨਾਤਮਕ ਰਣਨੀਤੀ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸ੍ਰੀ ਜਵਾਹਰ ਖਰਾਣਾ, ਸੁਰਿੰਦਰ ਜਾਜਾ ਸੀਨੀਅਰ ਭਾਜਪਾ ਆਗੂ, ਬੀਨੂ ਪੰਡਿਤ, ਅਜੇ ਪਾਲ ਸੈਣੀ, ਰਾਜ ਕੁਮਾਰ, ਦੀਪਕ ਕੁਮਾਰ, ਨਰਿੰਦਰ ਤੁਲੀ, ਨਿਖਿਲ ਨੰਗਲ, ਭਿੰਦਾ ਪਹਿਲਵਾਨ, ਸੰਨੀ ਕੁਮਾਰ, ਅਸ਼ਵਨੀ ਜੈਨ, ਲਲਿਤ ਵਰਮਾ, ਦਰਸ਼ਨ ਲਾਲ, ਮਨੀਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।
2027 ਦੀਆਂ ਚੋਣਾਂ ਲਈ ਭਾਜਪਾ ਨੇ ਕੱਸੀ ਕਮਰ, ਕੇਂਦਰ ਦੀਆਂ ਵਿਕਾਸ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ
ਅਜੀਤ ਡੈਸਕ
22-07-2026