ਹੁਸ਼ਿਆਰਪੁਰ, 22 ਜੁਲਾਈ (ਨਰਿੰਦਰ ਸਿੰਘ ਬੱਡਲਾ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਪਾਰਟੀ ਹਾਈਕਮਾਂਡ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਮੁਹੰਮਦ ਬਸ਼ੀਰ ਅਲੀ ਫੁਗਲਾਣਾ ਨੂੰ ਆਮ ਆਦਮੀ ਪਾਰਟੀ ਦੇ ਗੁੱਜਰ ਭਲਾਈ ਬੋਰਡ ਹਲਕਾ ਚੱਬੇਵਾਲ ਦਾ ਚੇਅਰਮੈਨ ਬਣਾਇਆ ਗਿਆ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਨਿਰੰਤਰ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਹਰੇਕ ਵਰਗ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਯਤਨਸ਼ੀਲ ਹੈ। ਆਪਣੀ ਨਿਯੁਕਤੀ ’ਤੇ ਬਸ਼ੀਰ ਅਲੀ ਨੇ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਇਸ਼ਾਂਕ ਕੁਮਾਰ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਦਿੱਤੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ।