ਭੰਗਾਲਾ 22 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਬੁੱਢਾਬੜ ਦੇ ਕਾਰਜਕਾਰੀ ਐੱਸ.ਐੱਮ.ਓ. ਡਾ. ਗੁਰਜੀਤ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਐਂਡ ਵਿਜ਼ੂਅਲ ਇੰਪੇਅਰਮੈਂਟ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਅਪਥਾਲਮਿਕ ਅਫਸਰ ਦੀਪਕ ਕੁਮਾਰ ਨੇ ਆਰ.ਬੀ.ਐੱਸ.ਕੇ. ਟੀਮ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਨਜ਼ਰ ਦੀ ਜਾਂਚ ਕੀਤੀ। ਜਾਂਚ ਦੌਰਾਨ ਜਿਨ੍ਹਾਂ ਬੱਚਿਆਂ ਦੀ ਨਜ਼ਰ ਕਮਜ਼ੋਰ ਪਾਈ ਗਈ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਐਨਕਾਂ ਵੰਡੀਆਂ ਗਈਆਂ ਤਾਂ ਜੋ ਉਹ ਆਪਣੀ ਪੜ੍ਹਾਈ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਸੁਚਾਰੂ ਢੰਗ ਨਾਲ ਕਰ ਸਕਣ। ਇਸ ਮੌਕੇ ਬੱਚਿਆਂ ਨੂੰ ਅੱਖਾਂ ਦੀ ਸਹੀ ਦੇਖਭਾਲ, ਪੌਸ਼ਟਿਕ ਆਹਾਰ ਲੈਣ ਅਤੇ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ। ਅਪਥਾਲਮਿਕ ਅਫਸਰ ਦੀਪਕ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਨਜ਼ਰ ਸੰਬੰਧੀ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਆਪਣੀ ਸਿੱਖਿਆ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖ ਸਕਣ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ, ਅਪਥਾਲਮਿਕ ਅਫਸਰ ਦੀਪਕ ਕੁਮਾਰ, ਆਰ.ਬੀ.ਐੱਸ.ਕੇ. ਟੀਮ ਦੇ ਮੈਂਬਰ, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।