ਟਾਂਡਾ ਉੜਮੁੜ, 23 ਜੁਲਾਈ (ਭਗਵਾਨ ਸਿੰਘ ਸੈਣੀ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਟੇਟ ਕਿਸਾਨ ਵਿੰਗ ਦੇ ਸੈਕਟਰੀ ਅਤੇ ਪ੍ਰਧਾਨ (ਦੁਆਬਾ ਜ਼ੋਨ) ਹਰਮੀਤ ਸਿੰਘ ਔਲਖ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਸ਼ਾਂਤੀਪੂਰਨ ਢੰਗ ਨਾਲ ਉਠਾਉਣ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਜੇਕਰ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਸਖ਼ਤੀ ਕੀਤੀ ਜਾਂਦੀ ਹੈ ਤਾਂ ਇਹ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਹਰਮੀਤ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਪਾਰਦਰਸ਼ੀ ਭਰਤੀ ਪ੍ਰਕਿਰਿਆ, ਰੁਜ਼ਗਾਰ ਦੇ ਮੌਕੇ ਤੇ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕਿਸਾਨ ਵੀ ਮਹਿੰਗਾਈ, ਡੀਜ਼ਲ-ਪੈਟਰੋਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਸੰਵਾਦ ਅਤੇ ਸਹਿਮਤੀ ਵਿਚ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਵਿਦਿਆਰਥੀਆਂ, ਨੌਜਵਾਨਾਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਦਿਆਂ ਆਪਸੀ ਗੱਲਬਾਤ ਰਾਹੀਂ ਹੱਲ ਕੱਢੇ ਤਾਂ ਜੋ ਲੋਕਾਂ ਦਾ ਲੋਕਤੰਤਰ ਅਤੇ ਸਰਕਾਰ ਉੱਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ।