ਟਾਂਡਾ ਉੜਮੁੜ, 26 ਜੁਲਾਈ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੀ ਵਿਸ਼ੇਸ਼ ਮੀਟਿੰਗ ਟਾਂਡਾ ਵਿਖੇ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਐਸ. ਸੀ .ਵਿੰਗ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਡੇ ਵੱਲੋਂ ਦਿਨ ਰਾਤ ਇੱਕ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਾਣੀਕੇ ਅਤੇ ਦੁਆਬਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਹਲਕਾ ਪੱਧਰੀ ਮੀਟਿੰਗਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਦੇਖ ਰੇਖ ਹੇਠ ਅਤੇ ਐਸ. ਸੀ. ਵਿੰਗ ਦੇ ਹਲਕਾ ਪ੍ਰਧਾਨਾਂ ਦੀਆਂ ਪ੍ਰਧਾਨਗੀ ਹੇਠ ਕੀਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਸਾਰੇ ਐੱਸ. ਸੀ. ਵਿੰਗ ਦੇ ਹਲਕਾ ਪ੍ਰਧਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀ-ਆਪਣੇ ਹਲਕਿਆਂ ਵਿਚ ਐਸ. ਸੀ. ਵਿੰਗ ਦੀਆਂ ਕਮੇਟੀਆਂ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਉਨ੍ਹਾਂ ਕਿਹਾ ਕੀ ਪਿਛਲੇ ਦਿਨੀਂ ਬਰਨਾਲਾ ਵਿਖੇ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਸਫ਼ਾਈ ਕਰਮਚਾਰੀਆਂ ਉੱਪਰ ਪੁਲਿਸ ਵੱਲੋਂ ਬੇਰਹਿਮੀ ਨਾਲ ਕੀਤਾ ਗਿਆ ਲਾਠੀਚਾਰਜ ਅੱਤ ਨਿੰਦਣ ਯੋਗ ਹੈ ਅਤੇ ਇਹ ਸਰਕਾਰ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਲੋਕਾਂ ਉੱਪਰ ਲਾਠੀਆਂ ਵਰਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਪਰ ਜੋ ਬੇਰਹਿਮੀ ਦੇ ਨਾਲ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਉਸ ਦੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਂਦੀ ਹੈ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਹੋਰ ਕਿਹਾ ਕਿ ਪਹਿਲਾਂ ਬਿਜਲੀ ਕਰਮਚਾਰੀਆਂ ਉੱਪਰ, ਫਿਰ ਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਉੱਪਰ ਅਤੇ ਹੁਣ ਸਫ਼ਾਈ ਕਰਮਚਾਰੀਆਂ ਉੱਪਰ ਜੋ ਬਹੁਤ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਉਹ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਬਹੁਤ ਹੀ ਘਟੀਆ ਅਤੇ ਨਿੰਦਣ ਯੋਗ ਵਰਤਾਰਾ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਅੱਕ ਅਤੇ ਥੱਕ ਚੁੱਕੇ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਪੰਜਾਬ ਦੇ ਲੋਕ 2027 ਦੀਆ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਅੰਕੁਸ਼ ਹਰਦੋਖਾਨਪੁਰ ਹਲਕਾ ਪ੍ਰਧਾਨ ਐਸ.ਸੀ. ਵਿੰਗ ਸ਼ਾਮ 84, ਨਿਰਵੈਰ ਸਿੰਘ ਖੁੱਡਾ ਹਲਕਾ ਪ੍ਰਧਾਨ ਬੀ.ਸੀ. ਵਿੰਗ ਉੜਮੁੜ, ਅਮਰਜੀਤ ਕਲਸੀਆ ਰਲਣ, ਕਮਲਜੀਤ ਸਿੰਘ ਮੂਨਕਾ ਸਰਕਲ ਪ੍ਰਧਾਨ ਬੀ.ਸੀ. ਵਿੰਗ ਟਾਂਡਾ, ਮਨਦੀਪ ਸਿੰਘ ਸ਼ਾਹਪੁਰ, ਰੱਤੀ ਬੋਦਲ ਕੋਟਲੀ, ਸੰਜੀਵ ਕੁਮਾਰ ਟਾਂਡਾ, ਰਤਨ ਸਿੰਘ ਖੁੱਡਾ, ਸੁਖਵਿੰਦਰ ਸਿੰਘ ਬਿੱਟਾ ਝਾਵਾਂ, ਅਰਮਾਨਦੀਪ ਸਿੰਘ ਮੋਮੀ, ਹਿੰਮਤ ਸਿੰਘ ਮੂਨਕ, ਅਜੀਤ ਸਿੰਘ ਮੂਨਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ- ਸਰਬਜੀਤ ਸਿੰਘ ਮੋਮੀ
ਅਜੀਤ ਡੈਸਕ
27-07-2026