ਦਸੂਹਾ, 26 ਜੁਲਾਈ (ਕੌਸ਼ਲ)- ਭਾਰਤੀ ਮਜ਼ਦੂਰ ਸੰਘ (ਪੰਜਾਬ) ਦੀ ਇੱਕ ਅਹਿਮ ਮੀਟਿੰਗ ਦਸੂਹਾ ਵਿਖੇ ਪੰਜਾਬ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਮੌਜੂਦਾ ਹਾਲਾਤਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਰੂਪ ਸਿੰਘ ਮਹਿਮਦਪੁਰ ਨੇ ਕਿਹਾ ਕਿ ਬਿਜਲੀ ਬੋਰਡ ਦੀ ਮੈਨੇਜਮੈਂਟ ਨਾਲ ਲਗਾਤਾਰ ਗੱਲਬਾਤ ਜਾਰੀ ਹੈ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੈਨੇਜਮੈਂਟ ਵੱਲੋਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਹਨ ਅਤੇ ਭਾਰਤੀ ਮਜ਼ਦੂਰ ਸੰਘ ਹਰ ਅਜਿਹੇ ਸੰਘਰਸ਼ ਦੀ ਪੂਰੀ ਹਮਾਇਤ ਕਰਦੀ ਹੈ। ਆਗੂਆਂ ਨੇ ਬਰਨਾਲਾ ਵਿਚ ਪ੍ਰਦਰਸ਼ਨ ਕਰ ਰਹੀਆਂ ਮਾਵਾਂ-ਧੀਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖ ਰਹੀਆਂ ਮਹਿਲਾਵਾਂ ਨਾਲ ਅਨਉਚਿੱਤ ਵਿਵਹਾਰ ਕੀਤਾ। ਇਸ ਤੋਂ ਇਲਾਵਾ ਖੰਨਾ ਅਤੇ ਪਟਿਆਲਾ ਵਿਚ ਪ੍ਰਦਰਸ਼ਨਕਾਰੀਆਂ ’ਤੇ ਹੋਏ ਲਾਠੀਚਾਰਜ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਭਾਰਤੀ ਮਜ਼ਦੂਰ ਸੰਘ ਦੇ ਆਲ ਇੰਡੀਆ ਸਕੱਤਰ ਵਿਜੇ ਕੁਮਾਰ, ਪੰਜਾਬ ਪ੍ਰਧਾਨ ਅਸ਼ੋਕ ਕੁਮਾਰ, ਜਨਰਲ ਸਕੱਤਰ ਸੁਰਿੰਦਰ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਇੱਕਜੁੱਟ ਰਹਿਣ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ।
ਭਾਰਤੀ ਮਜ਼ਦੂਰ ਸੰਘ (ਪੰਜਾਬ) ਦੀ ਮੀਟਿੰਗ
ਅਜੀਤ ਡੈਸਕ
27-07-2026