ਮੁਕੇਰੀਆਂ, 30 ਜੁਲਾਈ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਯੋਗਤਾ ਦਾ ਪ੍ਰਮਾਣ ਦਿੰਦਿਆਂ ਪੰਜਾਬ ਯੂਨੀਵਰਸਿਟੀ ਦੇ ਐੱਮ.ਕਾਮ (ਸਮੈਸਟਰ–ਚੌਥਾ) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਕਾਲਜ ਦੀ ਵਿਦਿਆਰਥਣ ਮਨਮੀਤ ਕੌਰ ਨੇ 85.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ ਤੇ ਸੰਸਥਾ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰਾਂ ਨੇ ਕਾਲਜ ਪ੍ਰਿੰਸੀਪਲ, ਕਾਮਰਸ ਵਿਭਾਗ ਦੇ ਮੁਖੀ ਡਾ. ਸੋਨੀਆ ਚੌਹਾਨ, ਮੈਡਮ ਸੁਮਨ ਦੇਵੀ, ਮੈਡਮ ਮੋਨਿਕਾ, ਮੈਡਮ ਸੁਰਬੀ ਅਬਰੋਲ, ਮੈਡਮ ਪ੍ਰਿਅੰਕਾ, ਸਫਲ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥਣਾਂ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਫਲ ਮਾਰਗ ਦਰਸ਼ਨ ਦਾ ਨਤੀਜਾ ਹੈ।