ਹੁਸ਼ਿਆਰਪੁਰ, 31 ਜੁਲਾਈ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ‘ਮਿਸ਼ਨ ਰੁਜ਼ਗਾਰ’ ਤਹਿਤ ਸ਼ਾਮਚੁਰਾਸੀ ਹਲਕੇ ਦੀਆਂ ਨਵ-ਨਿਯੁਕਤ 28 ਆਂਗਣਵਾੜੀ ਵਰਕਰਾਂ ਅਤੇ 48 ਹੈਲਪਰਾਂ ਨੂੰ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ। ਨਿਯੁਕਤੀ ਪੱਤਰ ਸੌਂਪਣ ਵੇਲੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨਾਲ ਜੁੜੀ ਸਰਕਾਰੀ ਵਿਵਸਥਾ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਨਾ ਸਿਰਫ਼ ਬਾਲ ਵਿਕਾਸ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਹੋਣਗੀਆਂ, ਸਗੋਂ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਵੀ ਹੋਰ ਬਿਹਤਰ ਢੰਗ ਨਾਲ ਪਹੁੰਚੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਚ ਹੁਣ ਤੱਕ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਅਤੇ ਮੈਰਿਟ ਦੇ ਆਧਾਰ ’ਤੇ 68,228 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸੂਬੇ ਦੇ ਹਰ ਯੋਗ ਨੌਜਵਾਨ ਨੂੰ ਰੋਜ਼ਗਾਰ ਦੇ ਨਾਲ-ਨਾਲ ਲੋਕਾਂ ਤੱਕ ਬਿਹਤਰ ਸਰਕਾਰੀ ਸੇਵਾਵਾਂ ਪਹੁੰਚਾਉਣਾ ਹੈ। ਇਸ ਮੌਕੇ ਸੀ.ਡੀ.ਪੀ.ਓ ਰਵਿੰਦਰ ਕੌਰ, ਹਰਪ੍ਰੀਤ ਸਿੰਘ ਧਾਮੀ, ਕਮਲ ਧੂਤ ਵੀ ਹਾਜ਼ਰ ਸਨ।