‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਿਆਂ ਖ਼ਿਲਾਫ਼ ਅਸਰਦਾਰ ਭੂਮਿਕਾ ਨਿਭਾਈ-ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਥੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਕੋਆਰਡੀਨੇਟਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁਹਿੰਮ ਨੇ ਨਸ਼ਿਆਂ ਖ਼ਿਲਾਫ਼ ਅਸਰਦਾਰ ਭੂਮਿਕਾ ਨਿਭਾਈ ਹੈ, ਜਿਸ ਨਾਲ ਨਸ਼ਿਆਂ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਈ ਹੈ।
‘
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦੌਰਾਨ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ। ਤਸਵੀਰ : ਹਮਸ਼ਾਇਨ ਸਟੂਡੀਓ
04-09-2026
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਥੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਕੋਆਰਡੀਨੇਟਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁਹਿੰਮ ਨੇ ਨਸ਼ਿਆਂ ਖ਼ਿਲਾਫ਼ ਅਸਰਦਾਰ ਭੂਮਿਕਾ ਨਿਭਾਈ ਹੈ, ਜਿਸ ਨਾਲ ਨਸ਼ਿਆਂ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਈ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਡਾ. ਇਸ਼ਾਂਕ ਕੁਮਾਰ ਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਸਮੇਂ-ਸਮੇਂ ਸਿਰ ਅਹਿਮ ਜਾਣਕਾਰੀਆਂ ਦੇ ਕੇ ਉਸਾਰੂ ਰੋਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਖ਼ਾਤਮੇ ਲਈ ਪੂਰੇ ਅਧਿਕਾਰ ਦਿੱਤੇ ਗਏ ਹਨ, ਜਿਸ ਨਾਲ ਸਮੱਗਲਿੰਗ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੱਡੀਆਂ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਗਈਆਂ ਹਨ। ਵਾਰਡ ਡਿਫੈਂਸ ਕਮੇਟੀਆਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਦਾ ਮੁੱਢ ਬੱਝਾ ਹੈ ਅਤੇ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਨਾਲ - ਨਾਲ ਲੋਕਾਂ ਦਾ ਸਹਿਯੋਗ ਬਹੁਤ ਸਾਰਥਿਕ ਰਿਹਾ ਹੈ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਡਰ ਤੋਂ ਨਸ਼ਿਆਂ ਨਾਲ ਸੰਬੰਧਿਤ ਜਾਣਕਾਰੀ ਸੰਬੰਧਿਤ ਪੁਲਿਸ ਸਟੇਸ਼ਨ ਜਾਂ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਸੰਬੰਧੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ ਤੇ ਹਰੇਕ ਜਾਣਕਾਰੀ ’ਤੇ ਢੁਕਵੀਂ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਂਦੀ ਹੈ। ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਅਤੇ ਨਸ਼ਿਆਂ ਦੇ ਧੰਦੇ ਵਿਚ ਸ਼ਾਮਿਲ ਕਿਸੇ ਨਾਲ ਵੀ ਕਿਸੇ ਤਰ੍ਹਾਂ ਦਾ ਲਿਹਾਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 1942 ਮਾਮਲੇ ਦਰਜ ਕਰਕੇ 2596 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 22 ਕਿੱਲੋ ਤੋਂ ਵੱਧ ਹੈਰੋਇਨ, 14 ਕਿੱਲੋ ਤੋਂ ਵੱਧ ਅਫ਼ੀਮ, 2 ਕੁਇੰਟਲ ਦੇ ਕਰੀਬ ਚੂਰਾ ਪੋਸਤ, 263110 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕਰਨ ਤੋਂ ਇਲਾਵਾ 28 ਲੱਖ ਰੁਪਏ ਤੋਂ ਵੱਧ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਮੀਣਾ, ਮੁਕੇਰੀਆਂ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ, ਐੱਸ.ਪੀ. ਸੰਦੀਪ ਸਿੰਘ ਮੰਡ, ਸਹਾਇਕ ਕਮਿਸ਼ਨਰ ਸੁਮਿਤ ਮੁੱਧ, ਸਮੂਹ ਐਸ. ਡੀ. ਐਮਜ਼, ਡੀ. ਐਸ. ਪੀਜ਼, ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।