ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਕਾਨੂੰਨੀ ਕਾਰਵਾਈ
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਬਾਲ ਵਿਆਹ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਹੁਸ਼ਿਆਰਪੁਰ ਅਤੇ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਹਾਜੀਪੁਰ ਤੇ ਮੁਕੇਰੀਆਂ ਵਿਚ ਬਾਲ ਵਿਆਹ ਦੇ ਦੋ ਮਾਮਲੇ ਸਾਹਮਣੇ ਆਏ ਹਨ।
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਬਾਲ ਵਿਆਹ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਹੁਸ਼ਿਆਰਪੁਰ ਅਤੇ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਹਾਜੀਪੁਰ ਤੇ ਮੁਕੇਰੀਆਂ ਵਿਚ ਬਾਲ ਵਿਆਹ ਦੇ ਦੋ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿਚ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਵਲੋਂ ਜਾਂਚ ਕੀਤੀ ਗਈ ਅਤੇ ਦੋਵਾਂ ਮਾਮਲਿਆਂ ਵਿਚ ਸੰਬੰਧਿਤ ਥਾਣਿਆਂ ਵਲੋਂ ਐਫ. ਆਈ. ਆਰ. ਦਰਜ ਕੀਤੀ ਗਈ। ਇਸ ਸੰਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਸਾਰੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਬਾਲ ਵਿਆਹ ਰੋਕੂ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹੇ ’ਚ ਅਕਸਰ ਬਾਲ ਵਿਆਹ ਹੋਣ ਸੰਬੰਧੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਵਿਆਹ ਨਹੀਂ ਹੋਇਆ ਹੈ ਤਾਂ ਵਿਆਹ ਰੋਕਿਆ ਜਾਵੇ ਤੇ ਜੇਕਰ ਵਿਆਹ ਹੋ ਚੁੱਕਾ ਹੈ ਤਾਂ ਬਾਲ ਵਿਆਹ ਰੋਕੂ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸੰਬੰਧਿਤ ਬਲਾਕ ਦੇ ਬਾਲ ਵਿਆਹ ਰੋਕੂ ਅਫ਼ਸਰ (ਸੀ. ਐੱਮ. ਪੀ. ਓ.) ਵਲੋਂ ਬਾਲ ਵਿਆਹ ਸੰਬੰਧੀ ਸਾਰੇ ਸਬੂਤ ਇਕੱਠੇ ਕੀਤੇ ਜਾਣੇ ਹਨ, ਜਿਵੇਂ ਕਿ ਗੁਰਦੁਆਰੇ ਜਾਂ ਮੰਦਰ ਦਾ ਸਰਟੀਫਿਕੇਟ, ਬੱਚੇ ਦੀ ਉਮਰ ਸੰਬੰਧੀ ਦਸਤਾਵੇਜ਼, ਬਾਲ ਵਿਆਹ ਵਿਚ ਸ਼ਾਮਿਲ ਵਿਅਕਤੀਆਂ ਦਾ ਵੇਰਵਾ ਆਦਿ। ਕਾਰਵਾਈ ਉਪਰੰਤ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਐੱਸ. ਐੱਸ. ਪੀ. ਤੇ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਨੂੰ ਪੇਸ਼ ਕੀਤੀ ਜਾਵੇ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਉਨ੍ਹਾਂ ਪਿੰਡਾਂ ਨੂੰ ਬਾਲ ਵਿਆਹ ਮੁਕਤ ਪਿੰਡ ਘੋਸ਼ਿਤ ਕੀਤਾ ਜਾਣਾ ਹੈ, ਜਿਨ੍ਹਾਂ ਵਿਚ 1 ਜਨਵਰੀ 2025 ਤੋਂ ਬਾਅਦ ਬਾਲ ਵਿਆਹ ਦਾ ਕੋਈ ਵੀ ਮਾਮਲਾ ਰਿਪੋਰਟ ਨਹੀਂ ਹੋਇਆ ਹੈ। ਇਸ ਸੰਬੰਧੀ ਲੋੜੀਂਦੀ ਕਾਰਵਾਈ ਸਾਰੇ ਸਰਪੰਚਾਂ ਤੇ ਸਾਰੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਵਲੋਂ ਕੀਤੀ ਜਾਣੀ ਹੈ।