ਹੁਸ਼ਿਆਰਪੁਰ ’ਚ ਐਸ.ਆਈ.ਆਰ. ਦਾ ਕੰਮ ਅੰਤਿਮ ਪੜ੍ਹਾਅ ’ਤੇ, 99.91 ਫ਼ੀਸਦੀ ਕੰਮ ਮੁਕੰਮਲ - ਆਸ਼ਿਕਾ ਜੈਨ
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਹੁਸ਼ਿਆਰਪੁਰ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਹੁਸ਼ਿਆਰਪੁਰ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਦਾ ਕੰਮ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। ਜ਼ਿਲ੍ਹੇ ‘ਚ ਹੁਣ ਤੱਕ 99.91 ਫ਼ੀਸਦੀ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 7 ਵਿਧਾਨ ਸਭਾ ਹਲਕਿਆਂ ਵਿਚੋਂ 5 ਹਲਕਿਆਂ 40-ਦਸੂਹਾ, 42-ਸ਼ਾਮਚੁਰਾਸੀ, 43-ਹੁਸ਼ਿਆਰਪੁਰ, 44-ਚੱਬੇਵਾਲ ਅਤੇ 45-ਗੜ੍ਹਸ਼ੰਕਰ ਵਿਚ ਐਸ.ਆਈ.ਆਰ.-2026 ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਯਕੀਨੀ ਬਣਾਉਣ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜਿਨ੍ਹਾਂ ਮਾਮਲਿਆਂ ‘ਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਹਾਲੇ ਬਕਾਇਆ ਹੈ, ਅਜਿਹੇ ਵੋਟਰਾਂ ਨਾਲ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਖ਼ੁਦ ਸੰਪਰਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਸਿੱਧੇ ਤੌਰ ‘ਤੇ ਇਕੱਠੇ ਕਰਨਗੇ। ਜਿੱਥੇ ਲੋੜ ਹੋਵੇਗੀ, ਵੋਟਰਾਂ ਨੂੰ ਨਿੱਜੀ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਸਬੰਧਿਤ ਦਫ਼ਤਰਾਂ ਵਿਚ ਆਉਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਬੰਧ ਨਾਲ ਵੋਟਰਾਂ ਨੂੰ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ.) ਦੇ ਦਫ਼ਤਰਾਂ ਵਿਚ ਨਿੱਜੀ ਤੌਰ ‘ਤੇ ਜਾਣ ਤੋਂ ਰਾਹਤ ਮਿਲੇਗੀ ਅਤੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਵਿਚ ਵੀ ਤੇਜ਼ੀ ਆਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ.) ਦੇ ਦਫ਼ਤਰਾਂ ਵਿਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਵੋਟਰ ਸੂਚੀਆਂ ਨਾਲ ਸਬੰਧਿਤ ਸਵਾਲਾਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।