ਸਿਵਲ ਹਸਪਤਾਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ।
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ। ਇਸ ਮੌਕੇ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਮਾਨਸਿਕ ਬਿਮਾਰੀਆਂ ਸੰਬੰਧੀ ਸਮਾਜ ਵਿਚ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਹ ਪ੍ਰੋਗਰਾਮ ਐੱਸ. ਐੱਮ. ਓ. ਇੰਚਾਰਜ ਸਿਵਲ ਹਸਪਤਾਲ ਡਾ. ਨਵਜੋਤ ਸਿੰਘ ਤੇ ਐੱਸ. ਐੱਮ. ਓ. ਡਾ. ਨੇਹਾ ਪਾਲ ਦੀ ਪ੍ਰਧਾਨਗੀ ਹੇਠ ਕਰਵਾਇਆ। ਇਸ ਮੌਕੇ ਕਾਊਂਸਲਰ ਤੇਜਿੰਦਰ ਕੌਰ ਨੇ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਾਨਸਿਕ ਸਿਹਤ ਸਾਡੇ ਸਮੁੱਚੇ ਸਿਹਤਮੰਦ ਜੀਵਨ ਦਾ ਅਹਿਮ ਹਿੱਸਾ ਹੈ, ਜਿਸ ਤਰ੍ਹਾਂ ਸਰੀਰਕ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਕਰਵਾਉਣਾ ਜ਼ਰੂਰੀ ਹੈ, ਉਸੇ ਤਰ੍ਹਾਂ ਮਾਨਸਿਕ ਤਣਾਅ, ਚਿੰਤਾ, ਉਦਾਸੀ ਤੇ ਹੋਰ ਮਾਨਸਿਕ ਸਮੱਸਿਆਵਾਂ ਨੂੰ ਵੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਸਮੱਸਿਆਵਾਂ ਹੋਣ ‘ਤੇ ਬਿਨਾਂ ਕਿਸੇ ਝਿਜਕ ਦੇ ਮਾਹਿਰ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਲੋੜ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮਾਨਸਿਕ ਸਿਹਤ ਸੰਬੰਧੀ ਸਮੱਸਿਆਵਾਂ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਮਾਨਸਿਕ ਸਿਹਤ ਦਾ ਧਿਆਨ ਰੱਖਣ, ਲੋੜੀਂਦਾ ਆਰਾਮ ਕਰਨ, ਪਰਿਵਾਰ ਅਤੇ ਦੋਸਤਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨ ਅਤੇ ਕਿਸੇ ਵੀ ਮਾਨਸਿਕ ਸਮੱਸਿਆ ਨੂੰ ਲੁਕਾਉਣ ਦੀ ਬਜਾਏ ਸਮੇਂ ਸਿਰ ਮਦਦ ਲੈਣ।