ਏ.ਐਸ.ਆਈ. ਬਲਵੰਤ ਸਿੰਘ ਨੇ ਸੰਭਾਲਿਆ ਪੁਲਿਸ ਚੌਂਕੀ ਭੰਗਾਲਾ ਦਾ ਚਾਰਜ
ਭੰਗਾਲਾ, 14 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਪੁਲਿਸ ਚੌਂਕੀ ਭੰਗਾਲਾ ਦੇ ਇੰਚਾਰਜ ਏ. ਐਸ.
ਭੰਗਾਲਾ, 14 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਪੁਲਿਸ ਚੌਂਕੀ ਭੰਗਾਲਾ ਦੇ ਇੰਚਾਰਜ ਏ.ਐਸ.ਆਈ. ਬਲਬੀਰ ਸਿੰਘ ਦੇ ਤਬਾਦਲੇ ਤੋਂ ਬਾਅਦ ਏ.ਐਸ.ਆਈ. ਬਲਵੰਤ ਸਿੰਘ ਨੇ ਪੁਲਿਸ ਚੌਂਕੀ ਭੰਗਾਲਾ ਦਾ ਨਵਾਂ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਬਣਾਉਣ, ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਗੱਲ ਆਖੀ। ਇਸ ਮੌਕੇ ਨਵੇਂ ਚੌਂਕੀ ਇੰਚਾਰਜ ਏ.ਐਸ.ਆਈ. ਬਲਵੰਤ ਸਿੰਘ ਨੇ ਕਿਹਾ ਕਿ ਡੀ.ਜੀ.ਪੀ. ਪੰਜਾਬ ਅਤੇ ਐਸ.ਐਸ.ਪੀ. ਹੁਸ਼ਿਆਰਪੁਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਸਖ਼ਤ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਅਤੇ ਸਮਾਜ ਵਿਚ ਮਾੜੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਇਲਾਕੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਹੈ। ਇਸ ਦੇ ਨਾਲ ਹੀ ਪੁਲਿਸ ਚੌਂਕੀ ਵਿਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਗੰਭੀਰਤਾ ਨਾਲ ਸੁਣੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਏ.ਐਸ.ਆਈ. ਬਲਵੰਤ ਸਿੰਘ ਨੇ ਇਲਾਕੇ ਦੇ ਮੋਹਤਬਰਾਂ, ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਅਤੇ ਅਪਰਾਧਾਂ ’ਤੇ ਕਾਬੂ ਪਾਉਣ ਲਈ ਲੋਕਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਲਾਕੇ ਵਿਚ ਨਸ਼ਾ ਤਸਕਰੀ ਜਾਂ ਕਿਸੇ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰੇ।