ਸਟੇਟ ਪੱਧਰੀ ਮੁਕਾਬਲਿਆਂ ਵਿਚ ਚੁਣੇ ਗਏ ਖਿਡਾਰੀ
ਦਸੂਹਾ, 14 ਨਵੰਬਰ (ਕੌਸ਼ਲ)- ਜੀ. ਟੀ.
ਦਸੂਹਾ, 14 ਨਵੰਬਰ (ਕੌਸ਼ਲ)- ਜੀ.ਟੀ.ਬੀ. ਖ਼ਾਲਸਾ ਸਕੂਲ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਸਕੂਲ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਏਕਮਕਾਰ ਸਿੰਘ, ਗੁਰਵਿੰਦਰ ਸਿੰਘ ਅਤੇ ਮਯੰਕ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਬਣਾਈ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਨੇ ਤਿੰਨਾਂ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਸਰੀਰਕ ਤੰਦਰੁਸਤੀ ਬਣੀ ਰਹਿੰਦੀ ਹੈ, ਉੱਥੇ ਹੀ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਕਰਨ ਦੀ ਪ੍ਰੇਰਨਾ ਵੀ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਸਟੇਟ ਪੱਧਰੀ ਮੁਕਾਬਲਿਆਂ ਵਿਚ ਵੀ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ ਅਤੇ ਜੁਆਇੰਟ ਸੈਕਟਰੀ ਮਹਿੰਦਰ ਸਿੰਘ ਨੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਕੋਚ ਹਰਨਾਮ ਸਿੰਘ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਵਲੋਂ ਸਟੇਟ ਪੱਧਰ ਤੱਕ ਪਹੁੰਚਣਾ ਮਾਣ ਵਾਲੀ ਗੱਲ ਹੈ ਅਤੇ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ।