ਹੁਸ਼ਿਆਰਪੁਰ ’ਚ ਰਾਜ ਪੱਧਰੀ 2 ਰੋਜ਼ਾ ਵਿਸ਼ੇਸ਼ ਖੇਡ ਮੁਕਾਬਲੇ ਸਮਾਪਤ
ਹੁਸ਼ਿਆਰਪੁਰ, 20 ਨਵੰਬਰ (ਹਰਪ੍ਰੀਤ ਕੌਰ)-ਰਾਜ ਪੱਧਰੀ ਦੋ ਰੋਜ਼ਾ ਵਿਸ਼ੇਸ਼ ਖੇਡ ਮੁਕਾਬਲੇ ਅੱਜ ਸਮਾਪਤ ਹੋ ਗਏ। ਸਮਾਪਤੀ ਸਮਾਰੋਹ ’ਚ ਉਪ ਮੰਡਲ ਮੈਜਿਸਟਰੇਟ ਪਰਮਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਹੁਸ਼ਿਆਰਪੁਰ, 20 ਨਵੰਬਰ (ਹਰਪ੍ਰੀਤ ਕੌਰ)-ਰਾਜ ਪੱਧਰੀ ਦੋ ਰੋਜ਼ਾ ਵਿਸ਼ੇਸ਼ ਖੇਡ ਮੁਕਾਬਲੇ ਅੱਜ ਸਮਾਪਤ ਹੋ ਗਏ। ਸਮਾਪਤੀ ਸਮਾਰੋਹ ’ਚ ਉਪ ਮੰਡਲ ਮੈਜਿਸਟਰੇਟ ਪਰਮਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਵੀ ਮੌਜੂਦ ਸਨ। ਉਨ੍ਹਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਪਰਮਪ੍ਰੀਤ ਸਿੰਘ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਪ੍ਰਾਪਤੀਆਂ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਮੁਕਾਬਲੇ ਦੀ ਭਾਵਨਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਵਿਕਸਿਤ ਹੁੰਦੀ ਹੈ। ਉਨ੍ਹਾਂ ਨੇ ਸਮਾਗਮ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਰਬੱਤ ਦਾ ਭਲਾ, ਗੁਰੂ ਰਾਮਦਾਸ ਲੰਗਰ ਸੇਵਾ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਵਿਭਾਗ ਦੀ ਤਰਜੀਹ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਬੱਚਿਆਂ ਦਾ ਆਤਮ-ਵਿਸ਼ਵਾਸ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਸਾਹਮਣੇ ਲਿਆਉਣ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ। ਫੁੱਟਬਾਲ ਮੁਕਾਬਲਿਆਂ ਵਿੱਚ ਫਿਰੋਜ਼ਪੁਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜਲੰਧਰ ਦੀ ਟੀਮ ਦੂਜੇ ਅਤੇ ਲੁਧਿਆਣਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਸਮਾਪਤੀ ਸਮਾਰੋਹ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਪ੍ਰਿੰਸੀਪਲ ਰਮਨਦੀਪ ਕੌਰ, ਪ੍ਰਿੰਸੀਪਲ ਮ੍ਰਿਦੁਲਾ ਸ਼ਰਮਾ, ਚਰਨਜੀਤ ਸਿੰਘ, ਮਨਪ੍ਰੀਤ ਸਿੰਘ, ਅਸਿਸਟੈਂਟ ਸ਼ਰਮਾ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਗਤਜੀਤ ਸਿੰਘ ਆਦਿ ਹਾਜ਼ਰ ਸਨ।