ਏਂਜਲ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ-2026 ਸ਼ਾਨੋ-ਸ਼ੌਕਤ ਨਾਲ ਸਮਾਪਤ
ਭੰਗਾਲਾ, 21 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਏਂਜਲ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ-2026 ਬੜੀ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਧੂਮ-ਧਾਮ ਨਾਲ ਕਰਵਾਈ ਗਈ। ਇਹ ਖੇਡ ਸਮਾਗਮ ਸਕੂਲ ਦੀ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਸੁਚੱਜੇ ਪ੍ਰਬੰਧਾਂ ਹੇਠ ਸਫਲਤਾਪੂਰਵਕ ਸੰਪੰਨ ਹੋਇਆ।
ਭੰਗਾਲਾ, 21 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਏਂਜਲ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ-2026 ਬੜੀ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਧੂਮ-ਧਾਮ ਨਾਲ ਕਰਵਾਈ ਗਈ। ਇਹ ਖੇਡ ਸਮਾਗਮ ਸਕੂਲ ਦੀ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਸੁਚੱਜੇ ਪ੍ਰਬੰਧਾਂ ਹੇਠ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੌਕੇ ਸਰਦਾਰ ਸਰਬਜੋਤ ਸਿੰਘ ਸਾਬੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਏਂਜਲ ਗਰੁੱਪ ਆਫ਼ ਇੰਸਟੀਚਿਊਟਸ ਦੀ ਡਾਇਰੈਕਟਰ ਹਿਮਾਦਰੀ ਘੋਰਾਏ, ਏਂਜਲ ਕਾਨਵੈਂਟ ਸਕੂਲ ਦੀ ਡਾਇਰੈਕਟਰ ਮੈਡਮ ਅਰਪਿੰਦਰ ਅਤੇ ਆਸ-ਪਾਸ ਦੇ ਪਿੰਡਾਂ ਦੇ ਸਰਪੰਚ ਸਾਹਿਬਾਨ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਸਰਬਜੋਤ ਸਿੰਘ ਸਾਬੀ ਵਲੋਂ ਸਕੂਲ ਦੇ ਨਾਮ ਵਾਲੇ ਗ਼ੁਬਾਰੇ ਅਸਮਾਨ ਵਿਚ ਛੱਡ ਕੇ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਸ਼ਾਲ ਮਾਰਚ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਖੇਡ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਟਰੈਕ ਐਂਡ ਫ਼ੀਲਡ ਮੁਕਾਬਲਿਆਂ ਅਤੇ ਮਨੋਰੰਜਕ ਖੇਡਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਲਈ ਵਿਸ਼ੇਸ਼ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਮਾਪਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਜੋਸ਼ੀਲੇ ਭੰਗੜੇ ਅਤੇ ਸਭਿਆਚਾਰਕ ਡਰਿੱਲ ਨੇ ਸਮਾਗਮ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ। ਮੁੱਖ ਮਹਿਮਾਨ ਸਰਬਜੋਤ ਸਿੰਘ ਸਾਬੀ ਨੇ ਆਪਣੇ ਸੰਬੋਧਨ ਦੌਰਾਨ ਸਕੂਲ ਦੇ ਅਨੁਸ਼ਾਸਨ, ਪ੍ਰਬੰਧਾਂ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਟੀਮ ਵਰਕ, ਅਨੁਸ਼ਾਸਨ ਅਤੇ ਜਿੱਤ-ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਨ ਦੀ ਸਿੱਖਿਆ ਦਿੰਦੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਸੰਭਵ ਸਹੂਲਤ ਅਤੇ ਸਹਿਯੋਗ ਦਿੱਤਾ ਜਾਵੇਗਾ, ਤਾਂ ਜੋ ਵਿਦਿਆਰਥੀ ਸੂਬਾ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਸਕਣ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਮੂਹ ਮਹਿਮਾਨਾਂ, ਮਾਪਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੈਡਲ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤਰ੍ਹਾਂ ਸਾਲਾਨਾ ਸਪੋਰਟਸ ਮੀਟ-2026 ਖ਼ੁਸ਼ਗਵਾਰ ਅਤੇ ਯਾਦਗਾਰੀ ਮਾਹੌਲ ਵਿਚ ਸੰਪੰਨ ਹੋਈ।