ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਪਰਾਲੀ ਸੰਭਾਲਣ ਸੰਬੰਧੀ ਜਾਗਰੂਕਤਾ ਮੁਹਿੰਮ ਕਰਵਾਈ
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਪੀ. ਏ.
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵਲੋਂ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਕੌਮੀ ਸੇਵਾ ਯੋਜਨਾ (ਐੇਨ.ਐੱਸ.ਐੱਸ.) ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਝੋਨੇ ਦੀ ਪਰਾਲੀ ਸੰਭਾਲਣ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਸਕੂਲ ਆਫ਼ ਸਾਇੰਸਜ਼ ਦੇ ਡੀਨ ਤੇ ਕੌਮੀ ਸੇਵਾ ਯੋਜਨਾ ਦੇ ਕੋਆਰਡੀਨੇਟਰ, ਡਾ. ਜਯੋਤਸਨਾ ਨੇ ਆਏ ਮਾਹਿਰਾਂ ਦਾ ਸਵਾਗਤ ਕੀਤਾ ਅਤੇ ਝੋਨੇ ਦੀ ਪਰਾਲੀ ਸੰਭਾਲਣ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਉਪ ਕੁਲਪਤੀ, ਡਾ. ਚੰਦਰ ਮੋਹਨ ਅਤੇ ਹੋਰ ਮਹਿਮਾਨਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ), ਡਾ. ਅਜੈਬ ਸਿੰਘ, ਤੇ ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ੀਅਨ), ਸੁਨੀਤਾ ਅਤੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਟਾਫ਼, ਮੁਖੀ, ਮੈਡਮ ਸਿਮਰਜੀਤ ਕੌਰ, ਸਹਾਇਕ ਪ੍ਰੋਫੈਸਰ ਮੈਡਮ ਨੀਰੂ ਜੰਮਵਾਲ, ਨਿਸ਼ਾਂਤ ਭਾਟੀਆ, ਮੈਡਮ ਜਸਨੀਤ ਕੌਰ, ਡਾ. ਸਈਦ ਤੇ ਡਾ. ਪੂਜਾ ਆਦਿ ਹਾਜ਼ਰ ਸਨ।