ਏ.ਡੀ.ਸੀ. ਨੇ ਮਾਸਿਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਡਾ. ਸੁਮਿਤ ਮੁੱਧ ਨੇ ਅੱਜ ਮਾਸਿਕ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਅਤੇ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਡਾ. ਸੁਮਿਤ ਮੁੱਧ ਨੇ ਅੱਜ ਮਾਸਿਕ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਅਤੇ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਆਬਕਾਰੀ ਵਿਭਾਗ, ਕਰ ਵਿਭਾਗ ਅਤੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਿਰਧਾਰਿਤ ਟੀਚਿਆਂ ਅਨੁਸਾਰ ਕੰਮ ਕਰਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਨੇ ਸਮਾਰਟ ਰਾਸ਼ਨ ਕਾਰਡ ਅਤੇ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਕੰਮਕਾਜ ਅਤੇ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨਾਲ ਸਬੰਧਿਤ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਯੋਗ ਲਾਭਪਾਤਰੀਆਂ ਤੱਕ ਯੋਜਨਾਵਾਂ ਦਾ ਲਾਭ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਐਨਕੋਰਡ (ਨਸ਼ਾ ਰੋਕਥਾਮ ਅਤੇ ਤਾਲਮੇਲ ਕੇਂਦਰ) ਤਹਿਤ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਵੀ ਸਮੀਖਿਆ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਦੱਸਿਆ ਗਿਆ ਕਿ 10 ਅਕਤੂਬਰ 2026 ਤੋਂ 31 ਅਕਤੂਬਰ 2026 ਤੱਕ ਐਨ.ਡੀ.ਪੀ.ਐਸ. ਐਕਟ ਤਹਿਤ 172 ਮਾਮਲੇ ਦਰਜ ਕੀਤੇ ਗਏ ਅਤੇ 223 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 20 ਹਜ਼ਾਰ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਦੋ ਭਗੌੜੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ੇ ਦੀ ਲਤ ਦੇ ਸ਼ਿਕਾਰ ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 135 ਮਰੀਜ਼ਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ, ਜਦਕਿ 446 ਮਰੀਜ਼ਾਂ ਨੂੰ ਓਟ ਸੈਂਟਰਾਂ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਵਿਚ 372 ਜਾਗਰੂਕਤਾ ਮੀਟਿੰਗਾਂ ਕਰਵਾਈਆਂ ਗਈਆਂ, ਜਿਨ੍ਹਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੀਆਂ ਸੇਵਾਵਾਂ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜਨਹਿੱਤ ਨਾਲ ਜੁੜੀਆਂ ਯੋਜਨਾਵਾਂ ਤੇ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।