ਮੁੱਲਾਂਪੁਰ-ਦਾਖਾ, 31 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਵਿਧਾਨ ਸਭਾ ਦੇ ਮਨਰੇਗਾ ਐਕਟ ਵਿਚ ਭਾਰਤ ਸਰਕਾਰ ਵਲੋਂ ਕੀਤੀਆਂ ਗਈਆਂ ਸੋਧਾਂ ਦੇ ਵਿਰੁੱਧ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਹਲਕਾ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮੁਲਾਜ਼ਮ ਵਰਗ ਨਾਲ ਜੁੜੇ ਅਹਿਮ ਅਤੇ ਭਖਦੇ ਮੁੱਦਿਆਂ ਨੂੰ ਸਦਨ ਵਿਚ ਗੰਭੀਰਤਾ ਨਾਲ ਉਭਾਰਿਆ | ਮਨਰੇਗਾ 'ਤੇ ਹੋ ਰਹੀ ਚਰਚਾ ਦੌਰਾਨ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵੱਲ ਧਿਆਨ ਦੇਣਾ ਸਮੇਂ ਦੀ ਮੁੱਖ ਲੋੜ ਹੈ | ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀ.ਏ.) ਕਾਫ਼ੀ ਸਮੇਂ ਤੋਂ ਪੈਂਡਿੰਗ ਪਿਆ ਹੋਇਆ ਹੈ, ਜਿਸ ਕਾਰਨ ਮੁਲਾਜ਼ਮ ਵਰਗ ਆਰਥਿਕ ਤੌਰ 'ਤੇ ਦਬਾਅ ਹੇਠ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਡੀ.ਏ. ਜਲਦੀ ਤੋਂ ਜਲਦੀ ਜਾਰੀ ਕਰਕੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਨੇ ਪੁਰਾਣੀ ਪੈਨਸ਼ਨ ਸਕੀਮ ਦੇ ਮਸਲੇ ਵੱਲ ਵੀ ਧਿਆਨ ਦਿਵਾਇਆ ਅਤੇ ਕਿਹਾ ਕਿ ਇਹ ਮੰਗ ਅਜੇ ਤੱਕ ਹਵਾ ਵਿਚ ਲਟਕ ਰਹੀ ਹੈ, ਜਿਸ 'ਤੇ ਸਰਕਾਰ ਨੂੰ ਸਪੱਸ਼ਟ ਨੀਤੀ ਬਣਾਉਣੀ ਚਾਹੀਦੀ ਹੈ | ਮਨਰੇਗਾ ਅਧੀਨ ਕੰਮ ਕਰ ਰਹੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਮਨਰੇਗਾ ਐਕਟ ਵਿਚ ਹੋ ਰਹੀਆਂ ਸੋਧਾਂ ਨਾਲ ਇਨ੍ਹਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਹੋ ਰਹੇ ਹਨ | ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਸਬੰਧਿਤ ਵਿਭਾਗ ਵਿਚ ਮਰਜ ਕਰਕੇ ਪੰਚਾਇਤੀ ਰਾਜ ਵਿਭਾਗ ਹੇਠ ਪੱਕਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਨੌਕਰੀ ਅਤੇ ਰੋਜ਼ੀ-ਰੋਟੀ ਸੁਰੱਖਿਅਤ ਰਹੇ |