ਰਾਏਕੋਟ, 5 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਦੀ ਧਰਤੀ 'ਤੇ ਚਰਨ ਪਾਉਣ ਦੀ ਖੁਸ਼ੀ 'ਚ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਰਹਿਨੁਮਾਈ ਹੇਠ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਦੀ ਸਮਾਪਤੀ ਹੋ ਚੁੱਕੀ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਦੱਸਿਆ ਕਿ ਪਿਛਲੇ ਦਿਨੀਂ 3 ਰੋਜ਼ਾ ਸਾਲਾਨਾ ਜੋੜ ਮੇਲਾ ਸਮੂਹ ਸੰਗਤ ਦੇ ਸਹਿਯੋਗ ਨਾਲ ਨੇਪਰੇ ਚੜਿ੍ਹਆ ਹੈ | ਉਨ੍ਹਾਂ ਦੱਸਿਆ ਕਿ 3 ਰੋਜ਼ਾ ਜੋੜ ਮੇਲੇ ਦੌਰਾਨ ਦੇਸ਼-ਵਿਦੇਸ਼ਾਂ ਤੋਂ ਲੱਖਾਂ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਆਪਣੀਆਂ ਮਨੋਕਾਮਨਾਵਾਂ ਲਈ ਅਰਦਾਸ ਬੇਨਤੀਆਂ ਕੀਤੀਆਂ |