ਭੂੰਦੜੀ, 6 ਜਨਵਰੀ (ਕੁਲਦੀਪ ਸਿੰਘ ਮਾਨ)-ਮਜ਼ਦੂਰਾਂ ਅਤੇ ਕਿਸਾਨਾਂ ਵਲੋਂ ਪਿੰਡ ਭੂੰਦੜੀ ਦੀ ਦਾਣਾ ਮੰਡੀ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਇਕੱਠ ਕਰਕੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਭਾਜਪਾ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ, ਦਿਹਾਤੀ ਮਜ਼ਦੂਰ ਸਭਾ ਪੰਜਾਬ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਮਨਦੀਪ ਸਿੰਘ ਘਮਣੇਵਾਲ ਅਤੇ ਜਗਜੀਤ ਸਿੰਘ ਵਲੀਪੁਰ ਕਲਾਂ ਵਲੋਂ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਸਾਬਕਾ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਘਮਣੇਵਾਲ ਅਤੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਗੋਰਸੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਕਾਨੂੰਨ ਵਿਚ ਬਦਲਾਅ ਕਰਨਾ, ਲੇਬਰ ਕੋਡ ਲਾਗੂ ਕਰਨਾ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਲਿਆਂਦੇ ਜਾਣ ਦੀਆਂ ਕੋਸ਼ਿਸ਼ਾਂ ਸਿੱਧੇ ਤੌਰ 'ਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਹਨ | ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਲੋਕ ਮਾਰੂ ਨੀਤੀਆਂ ਨੂੰ ਰੱਦ ਕਰਵਾਉਣ ਲਈ 16 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਦਿਹਾਤੀ ਮਜ਼ਦੂਰਾਂ, ਕਾਰਖ਼ਾਨਾ ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਔਰਤ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ | ਇਸ ਮੌਕੇ ਹੋਰਾਂ ਤੋਂ ਇਲਾਵਾ ਸਰਪੰਚ ਅਲਵੇਲ ਸਿੰਘ, ਪੰਚ ਰਣਜੀਤ ਸਿੰਘ, ਅਮਨਦੀਪ ਸਿੰਘ ਬਾਸੀਆਂ ਬੇਟ, ਤਰਸੇਮ ਸਿੰਘ ਆਲੀਵਾਲ, ਪੰਚ ਕਰਮਜੀਤ ਸਿੰਘ ਅਤੇ ਬਲਵੀਰ ਸਿੰਘ ਭਰੋਵਾਲ ਆਦਿ ਹਾਜ਼ਰ ਸਨ |