ਰਾਏਕੋਟ, 24 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸਿੱਖ ਕਤਲੇਆਮ 1984 ਦੇ ਕਥਿਤ ਦੋਸ਼ੀਆਂ 'ਚ ਗਿਣੇ ਜਾਂਦੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਕਤਲੇਆਮ ਸਬੰਧੀ ਕੇਸ ਵਿਚੋਂ ਅਦਾਲਤ ਵੱਲੋਂ ਬਰੀ ਕਰ ਦਿੱਤੇ ਜਾਣ 'ਤੇ ਪ੍ਰਤੀਕਰਮ ਦਿੰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕਰਕੇ ਨਸਲਕੁਸ਼ੀ ਦਾ ਸ਼ਿਕਾਰ ਹੋਏ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਿਛਲੇ 41 ਸਾਲਾਂ ਤੋਂ ਕਤਲੇਆਮ ਦੇ ਪੀੜਤ ਪਰਿਵਾਰ ਇਨਸਾਫ਼ ਲਈ ਆਸ ਲਗਾਈ ਬੈਠੇ ਸਨ, ਪਰ ਇਸ ਫ਼ੈਸਲੇ ਨਾਲ ਪਰਿਵਾਰਾਂ ਨਾਲ ਘੋਰ ਬੇ-ਇਨਸਾਫ਼ੀ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ 'ਤੇ ਵੀ ਡੂੰਘੀ ਸੱਟ ਵੱਜੀ ਹੈ | ਜਥੇਦਾਰ ਤਲਵੰਡੀ ਨੇ ਆਖਿਆ ਕਿ ਕੇਂਦਰ ਦੀਆਂ ਜਾਂਚ ਏਜੰਸੀਆਂ ਦੀ ਨਾਲਾਇਕੀ ਕਾਰਨ ਸੱਜਣ ਕੁਮਾਰ ਮਾਮਲੇ ਵਿਚੋਂ ਬਰੀ ਹੋਇਆ ਹੈ, ਜਦਕਿ ਕਤਲੇਆਮ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਜੰਗ ਜਾਰੀ ਰੱਖੀ ਜਾਵੇਗੀ | ਉਨ੍ਹਾਂ ਇਹ ਵੀ ਆਖਿਆ ਕਿ ਜਿੱਥੇ ਪਿਛਲੇ ਕਾਫ਼ੀ ਸਾਲਾਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜ਼ਬਰੀ ਹਿਰਾਸਤ ਵਿਚ ਰੱਖਿਆ ਗਿਆ ਹੈ, ਦੂਜੇ ਪਾਸੇ ਨਸਲਕੁਸ਼ੀ ਕਰਨ ਵਾਲਿਆਂ ਨੂੰ ਮਾਮਲਿਆਂ ਵਿਚੋਂ ਬਰੀ ਕਰ ਦਿੱਤਾ ਗਿਆ ਹੈ |