ਹਲਵਾਰਾ, 24 ਜਨਵਰੀ (ਮਨਦੀਪ ਸਿੰਘ ਉੱਭੀ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਦੇਸ਼ ਦਾ ਬੇਸ਼ਕੀਮਤੀ ਸਰਮਾਇਆ ਆਖਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਰਕਾਰੀ ਦਫ਼ਤਰਾਂ ਅਤੇ ਸਮਾਗਮਾਂ ਵਿਚ ਮਾਣ ਸਨਮਾਨ ਹਰ ਹੀਲੇ ਬਰਕਰਾਰ ਰੱਖਿਆ ਜਾਵੇ | ਆਜ਼ਾਦੀ ਘੁਲਾਟੀਏ ਆਸ਼ਰਿਤ ਸੰਗਠਨ ਦੇ ਨੁਮਾਇੰਦਿਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਨੂੰ ਆਜ਼ਾਦ ਫਿਜ਼ਾ ਵਿਚ ਸਾਹ ਲੈਣ ਦੇ ਕਾਬਿਲ ਬਣਾਉਣ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਗਏ | ਹੁਣ ਸਾਡਾ ਫਰਜ਼ ਬਣਦਾ ਹੈ ਕਿ ਇਨ੍ਹਾਂ ਦੇ ਪਿੱਛੇ ਰਹਿੰਦੇ ਪਰਿਵਾਰਾਂ ਨੂੰ ਮਾਣ ਅਤੇ ਸਤਿਕਾਰ ਨਾਲ ਸੰਭਾਲਿਆ ਜਾਵੇ | ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਨੇੜੇ ਹੋ ਕੇ ਸੁਣਿਆ ਅਤੇ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ | ਉਨ੍ਹਾਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਸਬੰਧਤ ਬਕਾਇਆ ਮਸਲਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਇਹ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਜੀਵਨਦੀਪ ਸਿੰਘ ਪੀ.ਸੀ.ਐੱਸ. (ਅਲਾਈਡ), ਫਰੀਡਮ ਫ਼ਾਈਟਰ ਡੀਪੈਂਡੈਨਟ ਐਸੋਸੀਏਸ਼ਨ ਦੇ ਸਰਪ੍ਰਸਤ ਮਾਸਟਰ ਗੁਰਮੀਤ ਸਿੰਘ, ਪ੍ਰਧਾਨ ਚੇਤਨਦੀਪ ਸਿੰਘ ਬਵੇਜਾ, ਮੀਤ ਪ੍ਰਧਾਨ ਸੁਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਪਾਲ ਸਿੰਘ, ਜਨਰਲ ਸਕੱਤਰ ਨਰਿੰਦਰ ਸਿੰਘ ਬਿੱਲਾ, ਗੁਰਬਖਸ਼ੀਸ਼ ਸਿੰਘ, ਸੂਰਜ ਪ੍ਰਕਾਸ਼ ਮਹਿਤਾ ਤੇ ਹੋਰ ਹਾਜ਼ਰ ਸਨ |