ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਨਕਲੀ ਪੁਲਿਸ ਅਫ਼ਸਰ ਬਣ ਕੇ ਲੋਕਾਂ ਨਾਲ ਠੱਗੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਖੰਨਾ ਦੇ ਐਸ. ਐਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਆਪਣੇ ਆਪ ਨੂੰ ਪੁਲਿਸ ਅਫ਼ਸਰ ਦੱਸ ਕੇ ਲੋਕਾਂ ਤੋਂ ਗੈਰ-ਕਾਨੂੰਨੀ ਤੌਰ 'ਤੇ ਪੈਸੇ ਵਸੂਲ ਕਰਦੇ ਸਨ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਇਸ ਗਰੋਹ ਦਾ ਪਰਦਾਫਾਸ਼ ਕੀਤਾ | ਉਨ੍ਹਾਂ ਦੱਸਿਆ ਕਿ ਦੋਨਾਂ ਦੋਸ਼ੀਆਂ ਦੇ ਕਬਜ਼ੇ ਵਿਚੋਂ 11,500 ਨਕਦੀ ਅਤੇ ਸੋਨੇ ਦੀਆਂ ਵਾਲੀਆਂ ਬਰਾਮਦ ਕੀਤੀਆਂ ਗਈਆਂ ਹਨ | ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਗਰੋਹ ਨਾਲ ਹੋਰ ਕੌਣ-ਕੌਣ ਸ਼ਾਮਲ ਹੈ | ਐਸ. ਐਚ. ਓ ਸਤਨਾਮ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਕਾਨੂੰਨ-ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਥਾਣੇਦਾਰ ਅਵਤਾਰ ਸਿੰਘ ਥਾਣੇਦਾਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ |