ਰਾਏਕੋਟ, 3 ਫਰਵਰੀ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਉਣ ਦੇ ਸੰਬੰਧ ਵਿਚ ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫ਼ਦ ਅੱਜ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਵਾਲੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਮਿਲਿਆ ਅਤੇ ਇੰਨ੍ਹਾਂ ਡਿਊਟੀਆਂ ਦੇ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਵਾਲੀਆ ਨੇ ਦੱਸਿਆ ਕਿ ਸਰਕਾਰ ਨੇ ਇਕ ਅਜੀਬ ਫੁਰਮਾਨ ਜਾਰੀ ਕਰਦਿਆਂ ਕੰਪਿਊਟਰ ਅਧਿਆਪਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਹੈਲਥ ਕਾਰਡ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ | ਜਦ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੇ ਇਸ ਨਾਦਰਸ਼ਾਹੀ ਫੁਰਮਾਨ ਦਾ ਸਖਤ ਵਿਰੋਧ ਕੀਤਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇਣ ਵਾਲੀ ਸਰਕਾਰ ਇਹ ਨਹੀਂ ਸੋਚ ਰਹੀ ਕਿ ਅਧਿਆਪਕਾਂ ਤੋਂ ਬਿਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਕਿਸ ਕਦਰ ਪ੍ਰਭਾਵਿਤ ਹੋਵੇਗੀ | ਇਸ ਵਫ਼ਦ ਵਿਚ ਜ਼ਿਲ੍ਹਾ ਇਕਾਈ ਤੋਂ ਵਿਕਾਸ ਸ਼ਰਮਾ, ਦਵਿੰਦਰ ਬਾਂਸਲ, ਕੁਲਪ੍ਰੀਤ ਸਿੰਘ ਅਤੇ ਭਰਾਤਰੀ ਜਥੇਬੰਦੀ ਤੋਂ ਪ੍ਰਧਾਨ ਜਸਵਿੰਦਰ ਸਿੰਘ, ਬਵਲੀਨ ਕੌਰ, ਰੰਜਨ ਭਨੋਟ, ਵਰਿੰਦਰ ਸਿੰਘ, ਅਮਿਤ ਕੁਮਾਰ ਆਦਿ ਹਾਜ਼ਰ ਹੋਏ |