ਮੁੱਲਾਂਪੁਰ-ਦਾਖਾ, 21 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਹਸਨਪੁਰ) ਪ੍ਰਧਾਨ ਜਗਰੂਪ ਸਿੰਘ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਵਿਸ਼ਵ ਵਪਾਰ ਦਾ ਹਿੱਸਾ ਬਣਨ ਜਾ ਰਹੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ਼ ਕੱਸਦਿਆਂ ਕਿਹਾ ਕਿ ਦੇਸ਼ ਦੇ ਕਿਸਾਨ-ਮਜ਼ਦੂਰ ਛੋਟੇ- ਵਪਾਰੀ ਨੂੰ ਮਾਰ ਕੇ ਕਿਸੇ ਵਿਅਕਤੀ ਵਿਸ਼ੇਸ਼ ਦੀ ਕਦੇ ਵਿਕਸਿਤ ਰਾਸ਼ਟਰ ਬਣਨ ਦੀ ਇੱਛਾ ਪੂਰੀ ਨਹੀਂ ਹੋ ਸਕਦੀ | ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਵਿਚ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਸ਼ਾਮਿਲ ਕਰਨ ਦਾ ਵਿਰੋਧ ਬੀ.ਕੇ.ਯੂ (ਹਸਨਪੁਰ) ਵਲੋਂ ਨਿਰੰਤਰ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਵਲੋਂ ਰਾਜ ਭਰ 'ਚ ਐਤਵਾਰ 22 ਫਰਵਰੀ ਨੂੰ ਭਾਜਪਾ ਆਗੂਆਂ ਅਤੇ ਆਪ ਦੇ ਮੰਤਰੀਆਂ ਦੇ ਘਰਾਂ ਸਾਹਮਣੇ ਰੋਸ ਧਰਨਿਆਂ ਵਿਚ ਸਾਡੀ ਜਥੇਬੰਦੀ ਸਹਿਯੋਗ ਕਰੇਗੀ | ਹਸਨਪੁਰ ਨੇ ਕਿਹਾ ਕਿ ਪੰਜਾਬ ਦਾ ਪਾਣੀ ਗੁਆਂਢੀ ਰਾਜਾਂ ਵੱਲ ਜਾਣ ਤੋਂ ਰੋਕਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੁੱਪ ਹੈ, ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅੱਗੇ ਗੈਰ ਸੰਵਿਧਾਨਿਕ ਅਤੇ ਪੱਖਪਾਤੀ ਸਮਝੌਤਿਆਂ ਵਿਰੁੱਧ ਅਵਾਜ਼ ਬੁਲੰਦ ਰੱਖਣੀ ਚਾਹੀਦੀ ਹੈ | ਜਗਰੂਪ ਸਿੰਘ ਹਸਨਪੁਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਧਰਨਿਆਂ ਦਾ ਚਾਅ ਨਹੀਂ, ਜਦ ਕੇਂਦਰ ਤੇ ਸੂਬਾ ਸਰਕਾਰਾਂ ਸਾਡਾ ਸੰਵਿਧਾਨਿਕ ਹੱਕ ਖੋਹਣ ਲੱਗ ਪਈਆਂ ਤਾਂ ਮਜ਼ਬੂਰਨ ਰੋਸ ਰੈਲੀਆਂ ਜਾਂ ਰੋਸ ਧਰਨਿਆਂ ਦਾ ਫ਼ੈਸਲਾ ਲੈਣਾ ਪੈ ਰਿਹਾ |