ਸਿੱਧਵਾਂ ਬੇਟ, 22 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਸੂਬੇ ਦੇ ਦਿਨ-ਬ-ਦਿਨ ਵਿਗੜ ਰਹੇ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਆਖਿਆ ਕਿ ਬਦਲਾਅ ਵਾਲੀ ਮਾਨ ਸਰਕਾਰ ਅੱਜ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਗਈ ਹੈ | ਉਨ੍ਹਾਂ ਆਖਿਆ ਕਿ ਜਿੱਥੇ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨ ਆਪਣੀ ਨਸ਼ਿਆਂ ਦੀ ਲੱਤ ਨੂੰ ਪੂਰਿਆਂ ਕਰਨ ਲਈ ਰੋਜ਼ਾਨਾ ਲੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ | ਉੱਥੇ ਸੂਬੇ ਦੇ ਹਰ ਕੋਨੇ ਵਿਚ ਹੋ ਰਹੇ ਕਤਲਾਂ ਨੇ ਵੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦਿੱਲੀ ਦੇ ਆਕਾਵਾਂ ਨੂੰ ਖੁਸ਼ ਕਰਨ ਲਈ ਹੋਰ ਸੂਬਿਆਂ ਵਿਚ ਘੁੰਮ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦਾ ਫਿਕਰ ਹੀ ਨਹੀਂ ਹੈ | ਉਕਤ ਆਗੂਆਂ ਨੇ ਬਦਲਾਅ ਵਾਲੀ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਆਖਿਆ ਕਿ ਸਰਕਾਰ ਨੇ ਅਜੇ ਤੱਕ ਹਲਕਾ ਦਾਖਾ ਵਿਚ ਵਿਕਾਸ ਕਾਰਜਾਂ ਦੀ ਇਕ ਵੀ ਪੂਣੀ ਨਹੀਂ ਕੱਤੀ ਪਿੰਡਾਂ ਦੇ ਸਰਪੰਚ ਸੂਬਾ ਸਰਕਾਰ ਵਲੋਂ ਮਿਲਣ ਵਾਲੀ ਗ੍ਰਾਂਟ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਪਰ ਸਾਡੀ ਪਿਛਲੀ ਸਰਕਾਰ ਨੇ ਜਿਸ ਤਰ੍ਹਾਂ ਆਖਰੀ ਮਹੀਨਿਆਂ ਵਿਚ ਬੇਟ ਇਲਾਕੇ ਦਾ ਵਿਕਾਸ ਕੀਤਾ, ਉਹ ਅਜੇ ਵੀ ਬੋਲ ਰਿਹਾ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੁਣ ਪਿੰਡ-ਪਿੰਡ ਜਾ ਕੇ ਕਾਂਗਰਸ ਸਰਕਾਰ ਵਲੋਂ ਕੀਤੇ ਕੰਮਾਂ ਅਤੇ ਮੌਜੂਦਾ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਅਤੇ ਕਿਸਾਨ ਵਿਰੋਧੀ ਕੰਮਾਂ ਦਾ ਜਿਕਰ ਕਰਨ |