ਰਾਏਕੋਟ, 25 ਫਰਵਰੀ (ਸੁਸ਼ੀਲ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਅਤੇ ਨੌਜਵਾਨ ਕਾਂਗਰਸੀ ਆਗੂ ਕਾਮਿਲ ਅਮਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਨਾਨਕਸਰ ਸੰਪਰਦਾ ਦੇ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਗੱਲਬਾਤ ਕਰਦਿਆਂ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਲਿਆ ਗਿਆ ਇਹ ਫ਼ੈਸਲਾ ਬੇਹੱਦ ਮੰਦਭਾਗਾ ਅਤੇ ਗੈਰ-ਜ਼ਿੰਮੇਵਾਰਾਨਾ ਹੈ | ਉਨ੍ਹਾਂ ਕਿਹਾ ਕਿ ਸੰਤ ਬਾਬਾ ਘਾਲਾ ਸਿੰਘ ਇਕ ਸਤਿਕਾਰਤ ਧਾਰਮਿਕ ਸ਼ਖ਼ਸੀਅਤ ਹਨ, ਉਨ੍ਹਾਂ ਨਾਲ ਸਿਆਸੀ ਰੰਜਿਸ਼ ਤਹਿਤ ਕੀਤੀ ਗਈ ਕਾਰਵਾਈ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਬਰਾਬਰ ਹੈ, ਜਦਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿਚ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਨਾਨਕਸਰ ਸੰਪਰਦਾ ਨਾਲ ਜੁੜੀਆਂ ਲੱਖਾਂ ਸੰਗਤਾਂ ਦੇ ਮਨਾਂ ਵਿਚ ਭਾਰੀ ਰੋਸ ਹੈ | ਕਾਮਿਲ ਅਮਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਤੋਂ ਮੰਗ ਕੀਤੀ ਕਿ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਨੂੰ ਤੁਰੰਤ ਬਹਾਲ ਕੀਤਾ ਜਾਵੇ |