ਭੂੰਦੜੀ, 6 ਮਾਰਚ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸਰਕਾਰ ਦੇ ਹੱਥੋਂ ਪੂਰੀ ਤਰ੍ਹਾਂ ਖਿਸਕ ਚੁੱਕੀ ਹੈ | ਉਨ੍ਹਾਂ ਕਿਹਾ ਕਿ ਹੁਣ ਗੁੰਡਾ ਅਨਸਰ ਪੁਲਿਸ ਨੂੰ ਵੀ ਨਿਸ਼ਾਨਾ ਬਣਾਉਣ ਲੱਗ ਪਏ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਉਨ੍ਹਾਂ ਦੱਸਿਆ ਕਿ ਸੂਬੇ ਦੇ ਲੋਕ ਡਰ ਦੇ ਸਾਏ ਹੇਠ ਜੀਵਨ ਬਤੀਤ ਕਰਨ ਲਈ ਮਜ਼ਬੂਰ ਹਨ, ਜਦਕਿ ਮੁੱਖ ਮੰਤਰੀ ਅਤੇ ਉਸ ਦੇ ਆਕਾ ਅਰਵਿੰਦ ਕੇਜਰੀਵਾਲ ਦੀ ਟੀਮ ਸਿਆਸੀ ਰੰਜਿਸ਼ਾਂ ਕੱਢਣ ਵਿਚ ਹੀ ਰੁੱਝੀ ਹੋਈ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ 'ਤੇ ਗੈਰ-ਵਾਜਬ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਪੀਲਾ ਪੰਜਾ ਚਲਾਇਆ ਗਿਆ ਹੈ, ਜੋ ਕਿ ਸਰਕਾਰ ਦੀ ਨੀਅਤ 'ਤੇ ਸਵਾਲ ਖੜੇ੍ਹ ਕਰਦਾ ਹੈ | ਸੰਧੂ ਅਤੇ ਈਸੇਵਾਲ ਨੇ ਕਿਹਾ ਕਿ ਇਕ ਪਾਸੇ ਸਰਕਾਰ ਗੁੰਡਾ ਅਨਸਰਾਂ ਅਤੇ ਗੈਂਗਸਟਰਾਂ 'ਤੇ ਨੱਥ ਪਾਉਣ ਲਈ ਸਖ਼ਤ ਆਪ੍ਰੇਸ਼ਨ ਕਰਨ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਗੈਂਗਸਟਰਾਂ ਅਤੇ ਗੁੰਡਾ ਅਨਸਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਉਹ ਬਿਨਾਂ ਕਿਸੇ ਡਰ-ਭੈਅ ਦੇ ਸ਼ਰੇ੍ਹਆਮ ਗੋਲੀਆਂ ਚਲਾ ਕੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਕਾਬੂ ਨਾ ਹੋਣ ਕਰਕੇ ਆਮ ਲੋਕਾਂ ਦਾ ਸਰਕਾਰ 'ਤੇ ਭਰੋਸਾ ਉੱਠ ਚੁੱੁਕਾ ਹੈ |