ਰਾਏਕੋਟ, 9 ਮਾਰਚ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਕੱਲ੍ਹ 10 ਮਾਰਚ ਨੂੰ ਬਰਨਾਲਾ ਵਿਖੇ ਹੋਣ ਜਾ ਰਹੀ ਵਿਸ਼ਾਲ ਕਿਸਾਨ ਰੈਲੀ ਵਿਚ ਲੁਧਿਆਣਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਕਿਸਾਨ ਬੀਕੇਯੂ (ਰਾਜੇਵਾਲ) ਦੀ ਅਗਵਾਈ ਹੇਠ ਸ਼ਮੂਲੀਅਤ ਕਰਨਗੇ | ਇਹ ਪ੍ਰਗਟਾਵਾ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਨੇ ਕੀਤਾ | ਕਿਸਾਨ ਆਗੂ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਜੋ ਵਪਾਰਕ ਸਮਝੌਤਾ ਕੀਤਾ ਗਿਆ ਹੈ ਉਸ ਵਿਚ ਕਿਸਾਨਾਂ ਦੇ ਹੱਕਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨੂੰ ਇਨ੍ਹਾਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋਣ ਦੇਣਗੀਆਂ | ਜੇਕਰ ਫਿਰ ਵੀ ਕੇਂਦਰ ਸਰਕਾਰ ਧੱਕੇ ਨਾਲ ਇਹ ਕਾਨੂੰਨ ਲਾਗੂ ਕਰਦੀ ਹੈ ਤਾਂ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਵਿਉਂਤਬੰਦੀ ਬਰਨਾਲਾ ਰੈਲੀ ਵਿਚ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ, ਪ੍ਰਧਾਨ ਅਵਤਾਰ ਸਿੰਘ, ਮਲਕੀਤ ਸਿੰਘ, ਜਗਜੀਵਨ ਸਿੰਘ, ਚੌਧਰੀ ਜਸਵੀਰ ਸਿੰਘ ਆਦਿ ਵੀ ਮੌਜੂਦ ਸਨ |