ਭੂੰਦੜੀ, 10 ਮਾਰਚ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਵੱਡੇ-ਵੱਡੇ ਦਾਅਵਿਆਂ ਨਾਲ ਭਰਿਆ ਹੋਇਆ ਹੈ, ਪਰ ਹਕੀਕਤ ਵਿਚ ਇਹ ਸਿੱਖਿਆ ਅਤੇ ਸਿਹਤ ਖੇਤਰ ਲਈ ਦਿਸ਼ਾਹੀਨ ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਬਜਟ ਵਿਚ ਅÏਰਤਾਂ ਨੂੰ ਚਾਰ ਸਾਲਾਂ ਦੇ ਇੰਤਜਾਰ ਤੋਂ ਬਾਅਦ 48 ਹਜ਼ਾਰ ਰੁਪਏ ਦੇਣ ਦੇ ਵਾਅਦੇ ਦੀ ਥਾਂ ਸਿਰਫ਼ ਇਕ ਹਜ਼ਾਰ ਰੁਪਏ ਦਾ ਐਲਾਨ ਕਰਨਾ ਲੋਕਾਂ ਨਾਲ ਸਾਫ਼ ਧੋਖਾ ਹੈ | ਉਨ੍ਹਾਂ ਕਿਹਾ ਕਿ ਇਹ ਐਲਾਨ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਦਿਖਾਈ ਦਿੰਦਾ ਹੈ | ਸੰਧੂ ਅਤੇ ਸੇਖੋਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਨੇ ਪੰਜਾਬ ਦੇ ਗਲੀ-ਗਲੀ ਅਤੇ ਪਿੰਡਾਂ ਵਿਚ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਹਨ, ਜਦਕਿ ਦੂਜੇ ਪਾਸੇ ਬਜਟ ਵਿਚ 'ਯੁੱਧ ਨਸ਼ਿਆਂ ਵਿਰੁੱਧ' ਦੇ ਨਾਮ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਹਾਲਤ ਵੀ ਠੀਕ ਨਹੀਂ ਹੈ | ਬਹੁਤ ਸਾਰੇ ਕਲੀਨਿਕਾਂ 'ਤੇ ਸਿਰਫ਼ ਬੋਰਡ ਹੀ ਲੱਗੇ ਹੋਏ ਹਨ ਜਦਕਿ ਸੇਵਾਵਾਂ ਬੰਦ ਪਈਆਂ ਹਨ | ਉਨ੍ਹਾਂ ਕਿਹਾ ਕਿ ਹੁਣ ਨਵੇਂ ਕਲੀਨਿਕਾਂ ਦੇ ਨਾਮ 'ਤੇ 351 ਕਰੋੜ ਰੁਪਏ ਰੱਖਣਾ ਸਿਰਫ਼ ਅੰਕੜਿਆਂ ਦੀ ਬਾਜ਼ੀਗਰੀ ਲੱਗਦੀ ਹੈ | ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਦੇ ਨਾਮ 'ਤੇ ਵੀ ਬਜਟ ਵਿਚ ਕੋਈ ਢੰਗ ਦੀ ਯੋਜਨਾ ਨਜ਼ਰ ਨਹੀਂ ਆਉਂਦੀ | ਪੰਜਾਬ ਦੀਆਂ ਕਈ ਪ੍ਰਮੁੱਖ ਯੂਨੀਵਰਸਿਟੀਆਂ ਕਈ ਸਾਲਾਂ ਤੋਂ ਘਾਟੇ ਵਿਚ ਚੱਲ ਰਹੀਆਂ ਹਨ, ਪਰ ਉਨ੍ਹਾਂ ਲਈ ਕੋਈ ਵੱਡਾ ਪ੍ਰਬੰਧ ਨਹੀਂ ਕੀਤਾ ਗਿਆ | ਉਨ੍ਹਾਂ ਅੰਤ ਵਿਚ ਕਿਹਾ ਕਿ ਕੁੱਲ ਮਿਲਾ ਕੇ ਇਹ ਬੱਜਟ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰਦਾ ਅਤੇ ਇਸ ਵਿਚ ਪੰਜਾਬ ਦੇ ਵਿਕਾਸ ਲਈ ਕੋਈ ਸਪੱਸ਼ਟ ਰੋਡਮੈਪ ਨਹੀਂ ਦਿੱਤਾ ਗਿਆ |