ਭੂੰਦੜੀ, 12 ਮਾਰਚ (ਕੁਲਦੀਪ ਸਿੰਘ ਮਾਨ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਸੂਬੇ ਦੇ ਬਜਟ 'ਤੇ ਪ੍ਰਤੀਕਰਮ ਦਿੰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਔਰਤਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਉਪਰੰਤ ਹਰ ਮਹੀਨੇ ਅÏਰਤਾਂ ਨੂੰ ਇਕ ਹਜ਼ਾਰ ਰੁਪਏ ਆਰਥਿਕ ਮਦਦ ਦੇਣ ਦਾ ਵੱਡਾ ਐਲਾਨ ਕੀਤਾ ਸੀ | ਇਸ ਲਈ ਹੁਣ ਸਰਕਾਰ ਵਲੋਂ ਔਰਤਾਂ ਨੂੰ ਇਕ ਹਜ਼ਾਰ ਜਾਂ ਪੰਦਰਾਂ ਸੌ ਰੁਪਏ ਦੇਣ ਦੀ ਗੱਲ ਕਰਨ ਦੀ ਬਜਾਏ ਸਭ ਤੋਂ ਪਹਿਲਾਂ ਪਿਛਲੇ ਚਾਰ ਸਾਲਾਂ ਦਾ ਬਣਦਾ ਲਗਭਗ 48 ਹਜ਼ਾਰ ਰੁਪਏ ਬਕਾਇਆ ਅਦਾ ਕੀਤਾ ਜਾਵੇ | ਭਰੋਵਾਲ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਰਕਾਰ ਵਲੋਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਦੀ ਗੱਲ ਕੀਤੀ ਗਈ ਹੈ, ਪਰ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦਿਆਂ ਹੀ ਔਰਤਾਂ ਨੂੰ ਮਾਣਭੱਤਾ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਣਨ ਦੇ ਦਿਨ ਤੋਂ ਇਸ ਐਲਾਨ ਨੂੰ ਅਮਲ ਵਿਚ ਲਿਆਂਦਾ ਜਾਵੇ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਬਣਦਾ ਲਗਭਗ 48 ਹਜ਼ਾਰ ਰੁਪਏ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ | ਭਰੋਵਾਲ ਨੇ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ 'ਆਪ' ਸਰਕਾਰ ਨੂੰ ਚੁਣਿਆ ਸੀ, ਪਰ ਅੱਜ ਆਮ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਲੋਕ ਆਪਣਾ ਫ਼ੈਸਲਾ ਸੁਣਾ ਦੇਣਗੇ |