ਸਾਹਨੇਵਾਲ, 12 ਮਾਰਚ (ਹਨੀ ਚਾਠਲੀ)-ਨਗਰ ਕੌਂਸਲ ਸਾਹਨੇਵਾਲ ਦੇ ਵਾਰਡ ਨੰ. 2 ਦੇ ਕੌਂਸਲਰ ਅਤੇ ਕੌਂਸਲ ਦੇ ਮੀਤ ਪ੍ਰਧਾਨ ਸਵਰਨ ਕੁਮਾਰ ਸੋਨੀ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ ਹੈ | ਇਸ ਮੌਕੇ ਕੌਂਸਲਰ ਸਵਰਨ ਕੁਮਾਰ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਵਾਸੀਆਂ ਦੇ ਕਾਰਡ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਕੀਮ ਨਾਲ ਹਰੇਕ ਵਿਅਕਤੀ ਨੂੰ ਜ਼ਰੂਰਤ ਪੈਣ 'ਤੇ ਉਹ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਰਕਾਰੀ ਅਤੇ ਸਰਕਾਰ ਵਲੋਂ ਮਨਜ਼ੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿਚੋਂ ਮਿਲੇਗਾ | ਹਰੇਕ ਵਰਗ ਦੇ ਲੋਕ ਇਸ ਸਕੀਮ ਤਹਿਤ ਕਾਰਡ ਬਣਾ ਸਕਦੇ ਹਨ | ਉਨ੍ਹਾਂ ਸਮੂਹ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਬੀਮਾ ਕਾਰਡ ਜ਼ਰੂਰ ਬਣਾਉਣ | ਸੋਨੀ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਵਾਰਡ ਨੰ. 2 ਦੇ ਵੱਖ-ਵੱਖ ਮੁਹੱਲਿਆਂ ਵਿਚ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਕੈਂਪ ਲਗਾਇਆ ਹੋਇਆ ਹੈ ਤੇ ਟੀਮਾਂ ਵਲੋਂ ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ |