ਕੁਹਾੜਾ, 4 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਕਟਾਣੀ ਕਲਾਂ ਵਿਚ ਸੀ. ਆਰ. ਐੱਮ. ਸਕੀਮ ਦੇ ਕੰਪੋਨੈਂਟ ਅਧੀਨ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਡਾ. ਰਮਨ ਚੋਪੜਾ ਖੇਤੀਬਾੜੀ ਵਿਸਥਾਰ ਅਫ਼ਸਰ, ਸਰਕਲ ਜੰਡਿਆਲੀ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਨਾੜ ਨੂੰ ਖੇਤ ਵਿਚ ਹੀ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਉਣ ਲਈ ਕਿਹਾ ਗਿਆ | ਇਸ ਮੌਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਐਗਰੀ ਮਸ਼ੀਨਰੀ ਪੋਰਟਲ 'ਤੇ 1 ਅਪ੍ਰੈਲ ਤੋਂ ਲੈ ਕੇ 24 ਅਪ੍ਰੈਲ ਤਕ ਮਸ਼ੀਨਾਂ ਸਬਸਿਡੀ 'ਤੇ ਅਪਲਾਈ ਕਰਨ ਲਈ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕਿਸਾਨਾਂ ਨੂੰ ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਕਰ ਕੇ ਬੇਲੋੜੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਗਈ ਅਤੇ ਨਾਲ ਹੀ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ 7 ਅਪ੍ਰੈਲ ਸਿਧਵਾਂ ਬੇਟ, ਮਾਨ ਰਿਜ਼ਾਰਟ ਵਿਚ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਸ਼ਾਮਿਲ ਹੋਣ ਬਾਰੇ ਵੀ ਕਿਹਾ ਗਿਆ ਅਤੇ ਕੈਂਪ ਵਿਚੋਂ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਲੈਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਕੈਂਪ ਖੇਤੀਬਾੜੀ ਉਪ ਨਿਰੀਖਕ ਬਲਵੰਤ ਸਿੰਘ ਅਤੇ ਸਰਪੰਚ ਮਨਜੀਤ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ਭੁਪਿੰਦਰ ਸਿੰਘ ਟਿਵਾਣਾ, ਜਗਦੀਸ਼ ਸਿੰਘ, ਕੁਲਵੰਤ ਸਿੰਘ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਜਗਪਾਲ ਸਿੰਘ, ਦਲਵੀਰ ਸਿੰਘ ਸਮੇਤ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ |