ਭੂੰਦੜੀ, 5 ਅਪ੍ਰੈਲ (ਕੁਲਦੀਪ ਸਿੰਘ ਮਾਨ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਚੱਲ ਰਹੀ ਸਰਕਾਰੀ ਮੁਹਿੰਮ 'ਤੇ ਸਵਾਲ ਚੁੱਕਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਮਾਨ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ | ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਦਾ ਨਾਅਰਾ ਸਿਰਫ਼ ਦਿਖਾਵਾ ਸਾਬਤ ਹੋ ਰਿਹਾ ਹੈ, ਕਿਉਂਕਿ 'ਆਪ' ਨਾਲ ਸੰਬੰਧਤ ਆਗੂਆਂ ਦਾ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਨਾਲ ਫੜਿ੍ਹਆ ਜਾਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ | ਬੀਰਮੀ ਨੇ ਦੋਸ਼ ਲਗਾਇਆ ਕਿ ਅਸਲ ਵੱਡੇ ਮਗਰਮੱਛ ਅਜੇ ਵੀ ਕਾਨੂੰਨ ਦੀ ਪਕੜ ਤੋਂ ਬਾਹਰ ਹਨ | ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਦੇ ਆਪਣੇ ਮੰਤਰੀ ਹੀ ਆਪਣੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਪੋਲ ਖੋਲ੍ਹ ਰਹੇ ਹਨ | ਉਨ੍ਹਾਂ ਨੇ ਡੀ.ਐੱਮ. ਗਗਨਦੀਪ ਦੇ ਸੁਸਾਈਡ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਅਜੇ ਤੱਕ ਕੋਈ ਢੁੱਕਵੀ ਕਾਰਵਾਈ ਨਾ ਹੋਣਾ ਸਰਕਾਰ ਦੀ ਦੋਹਰੀ ਨੀਤੀ ਨੂੰ ਬੇਨਕਾਬ ਕਰਦਾ ਹੈ | ਬੀਰਮੀ ਨੇ ਕਿਹਾ ਕਿ ਇਕ ਪਾਸੇ ਸਰਕਾਰ ਭਿ੍ਸ਼ਟਾਚਾਰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੱਸਦੀ ਹੈ | ਉਨ੍ਹਾਂ ਨੇ ਮਹਿੰਗਾਈ, ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਅਤੇ ਕਿਸਾਨੀ ਸੰਕਟ ਵਰਗੀਆਂ ਗੰਭੀਰ ਸਮੱਸਿਆਵਾਂ ਵੱਲ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਲੋਕ ਇੰਨ੍ਹਾਂ ਨਾਲ ਬਹੁਤ ਪ੍ਰੇਸ਼ਾਨ ਹਨ |