ਭੂੰਦੜੀ, 8 ਅਪ੍ਰੈਲ (ਕੁਲਦੀਪ ਸਿੰਘ ਮਾਨ)-ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ, ਪ੍ਰੋਫੈਸਰ ਸੁਖਵਿੰਦਰ ਸਿੰਘ ਮਾਣੂੰਕੇ, ਡਾ: ਨਰਿੰਦਰ ਸਿੰਘ ਬੈਨੀਪਾਲ (ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ, ਚੰਡੀਗੜ੍ਹ) ਅਤੇ ਡਾ: ਗੁਰਦੀਪ ਸਿੰਘ (ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ) ਵਲੋਂ ਖੇਤੀਬਾੜੀ ਵਿਸਥਾਰ ਅਫ਼ਸਰ ਭੂੰਦੜੀ ਡਾ: ਸ਼ੇਰ ਅਜੀਤ ਸਿੰਘ ਮੰਡ ਨੂੰ ਵਧੀਆ ਸੇਵਾਵਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਡਾ: ਮੰਡ ਦੀ ਕਿਸਾਨਾਂ ਨਾਲ ਨਜ਼ਦੀਕੀ ਸਾਂਝ, ਉਨ੍ਹਾਂ ਨੂੰ ਨਵੀਂ ਖੇਤੀ ਤਕਨਾਲੋਜੀ ਨਾਲ ਜੋੜਨ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਸਹੀ ਜਾਣਕਾਰੀ ਪਹੁੰਚਾਉਣ ਲਈ ਕੀਤੇ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਡਾ: ਮੰਡ ਵਰਗੇ ਮਿਹਨਤੀ ਅਧਿਕਾਰੀ ਹੀ ਖੇਤੀਬਾੜੀ ਖੇਤਰ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ | ਸਨਮਾਨ ਪ੍ਰਾਪਤ ਕਰਨ ਉਪਰੰਤ ਡਾ: ਸ਼ੇਰ ਅਜੀਤ ਸਿੰਘ ਮੰਡ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਹੀਂ, ਸਗੋਂ ਇਲਾਕੇ ਦੇ ਕਿਸਾਨਾਂ ਦੇ ਪਿਆਰ, ਭਰੋਸੇ ਅਤੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਕਿਸਾਨਾਂ ਦੀ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ | ਉਨ੍ਹਾਂ ਹੋਏ ਕਿਸਾਨ ਮੇਲੇ ਵਿਚ ਸ਼ਿਰਕਤ ਕਰਨ ਵਾਲੇ ਸਮੂਹ ਕਿਸਾਨ ਭਰਾਵਾਂ, ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਕਿਸਾਨਾਂ ਨੂੰ ਨਵੀਂ ਜਾਣਕਾਰੀ ਮਿਲਦੀ ਹੈ ਅਤੇ ਉਹ ਖੇਤੀ ਵਿਚ ਹੋਰ ਤਰੱਕੀ ਕਰ ਸਕਦੇ ਹਨ | ਇਸ ਮੌਕੇ ਹੋਰ ਵੀ ਅਧਿਕਾਰੀ, ਕਿਸਾਨ ਅਤੇ ਪਿੰਡ ਵਾਸੀ ਵੱਡੀ ਗਿਣਤੀ 'ਚਚ ਮੌਜੂਦ ਸਨ |