ਜਗਰਾਉਂ, 10 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਰੌਣਕ ਨਾਲ ਕਰਵਾਇਆ ਗਿਆ | ਇਸ ਸਮਾਰੋਹ ਵਿਚ ਵਿਦਿਆਰਥੀਆਂ ਨੂੰ ਸਾਲ ਭਰ ਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਗਿੱਧਾ, ਭੰਗੜਾ ਅਤੇ ਦੇਸ਼ ਭਗਤੀ ਦੇ ਗੀਤਾਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਨਰਿੰਦਰਪਾਲ ਕੌਰ ਨੇ ਬੱਚਿਆਂ ਦੀਆਂ ਉਪਲੱਬਧੀਆਂ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ, ਖੇਡਾਂ ਤੇ ਵੱਖ-ਵੱਖ ਗਤੀਵਿਧੀਆਂ 'ਚ ਮੱਲਾਂ ਮਾਰ ਰਹੇ ਹਨ, ਇਹ ਸਕੂਲ ਦੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਕਰਕੇ ਹੋ ਰਿਹਾ ਹੈ | ਐੱਮ. ਡੀ. ਪਿਆਰਾ ਸਿੰਘ ਨੇ ਵੀ ਬੱਚਿਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਵਾਈਸ ਪਿ੍ੰਸੀਪਲ ਸ੍ਰੀਮਤੀ ਪਰਵਿੰਦਰ ਕੌਰ ਨੇ ਇਸ ਸਮਾਗਮ ਵਿਚ ਸਟੇਜ਼ 'ਤੇ ਬਹੁਤ ਵਧੀਆ ਭੂਮਿਕਾ ਨਿਭਾਈ ਅਤੇ ਬੱਚਿਆਂ ਨੂੰ ਸ਼ਾਬਾਸ਼ੀ ਦਿੱਤੀ | ਸਕੂਲ ਦੇ ਬਾਕੀ ਸਟਾਫ਼ ਨੇ ਵੀ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਮਾਪਿਆਂ ਦੀ ਵੱਡੀ ਗਿਣਤੀ ਵਿਚ ਹਾਜ਼ਰੀ ਨੇ ਸਮਾਗਮ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ | ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |