ਜਗਰਾਉਂ, 13 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ, ਹਰਵਿੰਦਰ ਸਿੰਘ ਖ਼ਾਲਸਾ)-ਵਰਿੰਦਾਵਨ (ਮਥੁਰਾ) ਵਿਖੇ ਕਿਸ਼ਤੀ ਪਲਟਣ ਨਾਲ ਹੋਏ ਹਾਦਸੇ 'ਚ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਮੌਤਾਂ ਹੋਈਆਂ ਹਨ, ਉੱਥੇ ਜਗਰਾਉਂ ਦੇ ਗਏ ਸ਼ਰਧਾਲੂਆਂ ਦੀਆਂ ਵੀ 6 ਮੌਤਾਂ ਹੋਈਆਂ ਹਨ | ਅੱਜ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਬਾਪੂ ਤਰਸੇਮ ਸਿੰਘ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਿ੍ਥੀਪਾਲ ਸਿੰਘ ਬਟਾਲਾ ਵੱਖ-ਵੱਖ ਪਰਿਵਾਰ ਦੇ ਘਰ ਪੁੱਜੇ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਘਟਨਾ ਵਾਪਰੀ ਹੈ, ਸਰਕਾਰਾਂ ਨੂੰ ਧਾਰਮਿਕ ਅਸਥਾਨਾਂ 'ਤੇ ਪਹਿਲਾਂ ਹੀ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ, ਜੇਕਰ ਯੂ.ਪੀ. ਸਰਕਾਰ ਨੇ ਸ਼ਰਧਾਲੂਆਂ ਦੇ ਮੱਦੇਨਜ਼ਰ ਉੱਥੇ ਪੁਖਤਾ ਪ੍ਰਬੰਧ ਕੀਤੇ ਹੁੰਦੇ ਤਾਂ ਇਹ ਘਟਨਾ ਨਾ ਵਾਪਰਦੀ | ਇਸ ਮੌਕੇ ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਾਟੇ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਜਗਰਾਉਂ ਹੀ ਨਹੀਂ ਪੂਰੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਨਮ ਹੋਈਆਂ ਹਨ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ, ਉੱਤਰ ਪ੍ਰਦੇਸ਼ ਤੇ ਪੰਜਾਬ ਸਰਕਾਰ ਇੰਨ੍ਹਾਂ ਪਰਿਵਾਰਾਂ ਦੀ ਹਰ ਲੋੜੀਂਦੀ ਮਦਦ ਕਰਨ ਕਿਉਂਕਿ ਇੰਨ੍ਹਾਂ ਪਰਿਵਾਰਾਂ ਨੂੰ ਪਏ ਘਾਟੇ ਦੀ ਭਰਪਾਈ ਨਹੀਂ ਹੋ ਸਕਦੀ | ਇਸ ਮੌਕੇ ਦਵਿੰਦਰਜੀਤ ਸਿੰਘ ਸਿੱਧੂ, ਪ੍ਰਧਾਨ ਚਰਨਜੀਤ ਸਿੰਘ, ਦੀਪਇੰਦਰ ਸਿੰਘ ਭੰਡਾਰੀ, ਸੰਦੀਪ ਸਿੰਘ ਮੱਲ੍ਹਾ ਤੇ ਗੁਰਿੰਦਰ ਸਿੰਘ ਰੂੰਮੀ ਆਦਿ ਹਾਜ਼ਰ ਸਨ |